ਦਵਿੰਦਰ ਮੋਹਨ ਬੇਦੀ
ਗਿੱਦੜਬਾਹਾ, 28 ਨਵੰਬਰ
ਸੁਖਬੀਰ ਸਿੰਘ ਬਾਦਲ ਕੱਚੇ ਮੁਲਾਜ਼ਮਾਂ ਨਾਲ ਫੋਨ ’ਤੇ ਗੱਲ ਕਰਕੇ ਉਨ੍ਹਾਂ ਨੂੰ ਸਰਕਾਰ ਬਣਨ ਉੱਤੇ ਪੱਕੇ ਕਰਨ ਦੇ ਝੂਠੇ ਲਾਰੇ ਲਾ ਰਿਹਾ ਹੈ ਕਿਉਂਕਿ ਜੇਕਰ ਸੁਖਬੀਰ ਬਾਦਲ ਨੂੰ ਕੱਚੇ ਮੁਲਾਜ਼ਮਾਂ ਦਾ ਇੰਨਾ ਹੀ ਫਿਕਰ ਹੁੰਦਾ ਤਾਂ ਉਸ ਨੇ ਆਪਣੀ ਸਰਕਾਰ ਦੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇਨ੍ਹਾਂ ਨੂੰ ਪੱਕਾ ਕਿਉਂ ਨਹੀਂ ਕੀਤਾ, ਜਦਕਿ ਇਹ ਮੁਲਾਜ਼ਮ ਪਿਛਲੇ 15-16 ਸਾਲਾਂ ਤੋਂ ਕੱਚੇ ਮੁਲਾਜ਼ਮਾਂ ਵਜੋਂ ਨੌਕਰੀ ਕਰ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇੱਥੇ ਵੱਖ-ਵੱਖ ਵਾਰਡਾਂ ਵਿੱਚ ਵਰਕਰ ਮੀਟਿੰਗਾਂ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਰਾਜਾ ਵੜਿੰਗ ਨੇ ਕੇਜਰੀਵਾਲ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਕੇਜਰੀਵਾਲ ਦੀਆਂ ਗੱਲਾਂ ’ਤੇ ਪੰਜਾਬ ਦੇ ਲੋਕ ਭਰੋਸਾ ਨਾ ਕਰਨ ਕਿਉਂਕਿ ਜਿਹੜਾ ਕੇਜਰੀਵਾਲ ਪੰਜਾਬ ਵਿੱਚ ਸਰਕਾਰ ਬਣਨ ’ਤੇ ਨਸ਼ੇ ਦੇ ਵਪਾਰੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਗੱਲ ਕਰਦਾ ਸੀ, ਉਸੇ ਕੇਜਰੀਵਾਲ ਨੇ ਬਿਕਰਮ ਮਜੀਠੀਆ ਤੋਂ ਮਾਫ਼ੀ ਮੰਗ ਲਈ ਸੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਕੋਈ ਸਪੱਸ਼ਟ ਸਟੈਂਡ ਨਹੀਂ, ਉਹ ਪੰਜਾਬ ਵਿੱਚ ਪੰਜਾਬ ਪੱਖੀ ਅਤੇ ਦਿੱਲੀ ਜਾ ਕੇ ਪੰਜਾਬ ਵਿਰੋਧੀ ਗੱਲਾਂ ਕਰਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਾਂਗਰਸ ਸਰਕਾਰ ਹੀ ਕਰੇਗੀ। ਇਸ ਤੋਂ ਪਹਿਲਾਂ ਰਾਜਾ ਵੜਿੰਗ ਨੇ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਮਗਰੋਂ ਮੌਕੇ ’ਤੇ ਹੱਲ ਵੀ ਕੀਤੀਆਂ।