ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 13 ਅਪਰੈਲ
‘ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿੱਚ ਸਥਾਪਤ ਕੀਤੇ ਜਾ ਰਹੇ ਖੇਤੀਬਾੜੀ ਕਾਲਜ ਵਿੱਚ ਅਗਸਤ ਤੋਂ ਕਲਾਸਾਂ ਸ਼ੁਰੂ ਹੋ ਜਾਣਗੀਆਂ।’ ਇਹ ਪ੍ਰਗਟਾਵਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵਿਧਾਇਕ ਬਲਾਚੌਰ ਦਰਸ਼ਨ ਲਾਲ ਮੰਗੂਪੁਰ ਤੇ ਚੇਅਰਮੈਨ ਪਵਨ ਦੀਵਾਨ ਦੀ ਮੌਜੂਦਗੀ ’ਚ ਖੇਤਰੀ ਖੋਜ ਕੇਂਦਰ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਦੱਸਿਆ ਕਿ ਕੁੱਲ 34 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਕਾਲਜ ਦੇ ਨਿਰਮਾਣ ਲਈ 13.70 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਕਾਲਜ ਦੇ ਨਿਰਮਾਣ ਨਾਲ ਨਵਾਂਸ਼ਹਿਰ, ਰੋਪੜ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨਾਲ ਸਬੰਧਤ ਵਿਦਿਆਰਥੀਆਂ ਦੀਆਂ ਲੋੜਾਂ ਪੂਰੀਆਂ ਹੋਣਗੀਆਂ, ਕਿਉਂਕਿ ਇਹ ਕੇਂਦਰ ਲੁਧਿਆਣਾ, ਚੰਡੀਗੜ੍ਹ, ਜਲੰਧਰ ਅਤੇ ਹੁਸ਼ਿਆਰਪੁਰ ਨਾਲ ਚੰਗੀ ਤਰ੍ਹਾਂ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤੀਬਾੜੀ ਕਾਲਜ ਵਿਚ ਚਾਰ ਸਾਲ ਅਤੇ ਛੇ ਸਾਲ ਦੀ ਡਿਗਰੀ (ਬੀ. ਐਸ. ਸੀ ਅਤੇ ਐਮ. ਐਸ. ਸੀ) ਕਰਵਾਈ ਜਾਵੇਗੀ। ਇਸ ਮੌਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਇਸ ਮੌਕੇ ਕਿਹਾ ਕਿ ਇਹ ਕਾਲਜ ਕੰਢੀ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਖੇਤਰੀ ਖੋਜ ਕੇਂਦਰ ਦੇ ਡਾਇਰੈਕਟਰ ਮਨਮੋਹਨ ਜੀਤ ਸਿੰਘ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਡੀ. ਐੱਸ. ਪੀ ਤਰਲੋਚਨ ਸਿੰਘ, ਪ੍ਰੇਮ ਚੰਦ ਭੀਮਾ, ਚੇਅਰਮੈਨ ਹਰਜੀਤ ਸਿੰਘ ਜਾਡਲੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।