ਜੋਗਿੰਦਰ ਸਿੰਘ ਓਬਰਾਏ
ਖੰਨਾ, 2 ਨਵੰਬਰ
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਲਈ ਮਾਲ ਗੱਡੀਆਂ ਚਾਲੂ ਕਰਕੇ ਪੰਜਾਬ ਦੀ ਆਰਥਿਕ ਘੇਰਾਬੰਦੀ ਖ਼ਤਮ ਨਾ ਕੀਤੀ ਤਾਂ ਪੰਜਾਬ ਦੇ ਕਿਸਾਨ ਹਰਿਆਣਾ, ਯੂਪੀ, ਰਾਜਸਥਾਨ ਤੇ ਦੇਸ਼ ਦੀਆਂ ਹੋਰ ਕਿਸਾਨ ਜੱਥੇਬੰਦੀਆਂ ਨਾਲ ਮਿਲ ਕੇ ਦਿੱਲੀ ਨੂੰ ਦੁੱਧ, ਸਬਜ਼ੀਆਂ, ਚਾਰਾ ਤੇ ਹੋਰ ਖਾਣ ਪੀਣ ਦੀਆਂ ਚੀਜ਼ਾਂ ਦੀ ਸਪਲਾਈ ਬੰਦ ਕਰਨਗੇ। ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਸ੍ਰੀ ਰਾਜੇਵਾਲ ਨੇ ਕਿਹਾ ਕਿ ਪੰਜਾਬ ਵਿਚ ਕਿਸਾਨ ਜੱਥੇਬੰਦੀਆਂ ਨੇ 22 ਅਕਤੂਬਰ ਤੋਂ ਰੇਲਵੇ ਲਾਈਨਾਂ ਤੋਂ ਆਪਣੇ ਧਰਨੇ ਚੁੱਕ ਲਏ ਸਨ ਪਰ ਕੇਂਦਰ ਸਰਕਾਰ ਨੇ ਆਪਣੇ ਅੜੀਅਲ ਵਤੀਰੇ ਅਧੀਨ ਮਾਲ ਗੱਡੀਆਂ ਬੰਦ ਕਰਕੇ ਪੰਜਾਬ ਦੀ ਆਰਥਿਕ ਘੇਰਾਬੰਦੀ ਕੀਤੀ ਹੋਈ ਹੈ। ਇਹ ਸੂਬੇ ’ਚ ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਕਿਸਾਨ ਸੰਘਰਸ਼ ਨੂੰ ਦਬਾਉਣ ਦਾ ਯਤਨ ਹੈ ਪਰ ਕਿਸਾਨ ਪਿੱਛੇ ਨਹੀਂ ਹੱਟਣਗੇ।
ਗੁਰੂਸਰ ਸੁਧਾਰ (ਸੰਤੋਖ ਗਿੱਲ): ਦੇਸ਼ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਪੰਜ ਮੈਂਬਰੀ ਕੌਮੀ ਤਾਲਮੇਲ ਕਮੇਟੀ ਦੇ ਮੈਂਬਰ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉੱਪਰੋਂ ਸਖ਼ਤ ਚਿਹਰਾ ਦਿਖਾ ਰਹੀ ਕੇਂਦਰ ਦੀ ਮੋਦੀ ਸਰਕਾਰ ਦਰਅਸਲ ਅੰਦਰੋਂ ਤਿੜਕ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 5 ਨਵੰਬਰ ਨੂੰ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਦੇਸ਼ ਵਿਆਪੀ ਚੱਕਾ ਜਾਮ ਤੋਂ ਬਾਅਦ ਦੇਸ਼ ਭਰ ਵਿਚ ਕਿਸਾਨਾਂ ਦਾ ਸੰਘਰਸ਼ ਝੂਠੀ ਅਤੇ ਹੈਂਕੜਬਾਜ਼ ਮੋਦੀ ਸਰਕਾਰ ਨੂੰ ਪਿਛਲਖੁਰੀ ਮੁੜਨ ਲਈ ਮਜਬੂਰ ਕਰ ਦੇਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਇਨਕਲਾਬੀ ਕੇਂਦਰ ਦੇ ਕਮਲਜੀਤ ਖੰਨਾ, ਮਹਿੰਦਰ ਸਿੰਘ ਕਮਾਲਪੁਰਾ, ਪਰਮਜੀਤ ਕੌਰ ਹੰਬੜਾਂ, ਤਰਲੋਚਨ ਸਿੰਘ ਬਰ੍ਹਮੀ, ਪ੍ਰੇਮ ਸਿੰਘ ਬੋਪਾਰਾਏ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ। ਅਕਾਲੀ ਦਲ ਦੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲ਼ੀ ਵੀ ਕਿਸਾਨ ਧਰਨੇ ’ਤੇ ਬੈਠੇ ਪਰ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ। ਟੌਲ ਪਲਾਜ਼ਾ ਉੱਪਰ ਅੱਜ ਦੇ ਵਿਸ਼ਾਲ ਧਰਨੇ ਵਿਚ ਵੱਡੀ ਗਿਣਤੀ ਔਰਤਾਂ, ਸਾਬਕਾ ਸੈਨਿਕ, ਵਪਾਰੀ ਅਤੇ ਹਰ ਵਰਗ ਦੇ ਕਿਰਤੀ ਵੀ ਸ਼ਾਮਲ ਹੋਏ। ਇਸ ਮੌਕੇ ਲੋਕ ਕਲਾ ਮੰਚ ਮੰਡੀ ਮੁੱਲਾਂਪੁਰ ਦੇ ਨਿਰਦੇਸ਼ਕ ਹਰਕੇਸ਼ ਚੌਧਰੀ ਦੀ ਅਗਵਾਈ ਵਿਚ ਚਰਚਿਤ ਨਾਟਕ ‘ਉੱਠਣ ਦਾ ਵੇਲ਼ਾ’ ਖੇਡਿਆ ਗਿਆ।