ਰਵੇਲ ਸਿੰਘ ਭਿੰਡਰ
ਪਟਿਆਲਾ, 13 ਅਪਰੈਲ
ਵਿਸਾਖੀ ਦਾ ਤਿਉਹਾਰ ਇੱਥੇ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਖਾਲਸਾ ਸਾਜਨਾ ਦਿਵਸ ਅਤੇ ਗੁਰੂ ਅਮਰਦਾਸ ਜੀ ਦਾ ਗੁਰਤਾਗੱਦੀ ਦਿਵਸ ਸੰਗਤਾਂ ਨੇ ਵੱਡੀ ਗਿਣਤੀ ’ਚ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਖਾਲਸੇ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸੰਗਤ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ ਅਤੇ ਹਜ਼ੂਰੀ ਕੀਰਤਨੀ ਜਥਿਆਂ ਪਾਸੋਂ ਗੁਰਬਾਣੀ ਸਰਵਣ ਕੀਤੀ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਜਗਤ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਸਿੱਖ ਇਤਿਹਾਸ ਦੀ ਰੌਸ਼ਨੀ ’ਚ ਜਾਣੂ ਕਰਵਾਇਆਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੈਂਬਰ ਬੀਬੀ ਕਮਲੇਸ਼ ਕੌਰ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਤੋਂ ਇਲਾਵਾ ਸ਼ੋ੍ਮਣੀ ਕਮੇਟੀ ਦਾ ਸਮੁੱਚਾ ਸਟਾਫ ਵੀ ਹਾਜ਼ਰ ਰਿਹਾ। ਇਸ ਦੌਰਾਨ 246 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।
ਮਸਤੂਆਣਾ ਸਾਹਿਬ: (ਪੱਤਰ ਪ੍ਰੇਰਕ): ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਸੰਗਰੂਰ, (ਨਿੱਜੀ ਪੱਤਰ ਪ੍ਰੇਰਕ): ਇਥੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਹਜ਼ਾਰਾਂ ਦੀ ਤਾਦਾਦ ਵਿਚ ਪੁੱਜੀਆਂ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਇਸ਼ਨਾਨ ਕੀਤਾ ।
ਵਿਸਾਖੀ ਮੌਕੇ ਗੁਰਦਆਰਾ ਬਹਾਦਰਗੜ੍ਹ ਸੰਗਤਾਂ ਨੇ ਮੱਥਾ ਟੇਕਿਆ
ਸਨੌਰ (ਖੇਤਰੀ ਪ੍ਰਤੀਨਿਧ): ਹਲਕਾ ਸਨੌਰ ਦੇ ਅਧੀਨ ਪੈਂਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਈ। ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ 146 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।ਧਾਰਮਿਕ ਸਮਾਗਮ ਦੌਰਾਨ ਅਕਾਲੀ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਗਜੀਤ ਸਿੰਘ ਕੋਹਲੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿ੍ਪਾਲ ਸਿੰਘ ਬੰਡੂਗਰ ਆਦਿ ਵੀ ਹਾਜ਼ਰ ਸਨ। ਇਸ ਮੌਕੇ ਕੀਰਤਨ ਦਰਬਾਰ ਵੀ ਸਜਾਇਆ ਗਿਆ।