ਪੱਤਰ ਪ੍ਰੇਰਕ
ਬਰੇਟਾ, 3 ਜੂਨ
ਕੇਂਦਰੀ ਖੇਤੀ ਤੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿੱਚ ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸਾਂਝਾ ਕਿਸਾਨ ਮੋਰਚਾ ਵੱਲੋਂ ਅਤੇ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪੈਟਰੋਲ ਪੰਪ ’ਤੇ ਕਿਸਾਨ ਧਰਨੇ ਲਗਾਤਾਰ ਜਾਰੀ ਰਹੇ ਅਤੇ ਇਸ ਵਿੱਚ ਵੱਖ ਵੱਖ ਬੁਲਾਰਿਆਂ ਵਲੋਂ ਕੇਂਦਰ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ।
ਮਹਿਲ ਕਲਾਂ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਹਿਲ ਕਲਾਂ ਵਿੱਚ ਪੱਕਾ ਕਿਸਾਨ ਮੋਰਚਾ ਜਾਰੀ ਹੈ। ਧਰਨੇ ‘ਤੇ ਬੈਠੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ।ਮਹਿਲ ਕਲਾਂ ਧਰਨੇ ਤੋਂ ਕਿਸਾਨਾਂ ਦਾ ਇੱਕ ਵੱਡਾ ਕਾਫਲਾ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਤੇ ਮਲਕੀਤ ਸਿੰਘ ਮਹਿਲ ਕਲਾਂ ਦੀ ਅਗਵਾਈ ਹੇਠ ਦਿੱਲੀ ਲਈ ਰਵਾਨਾ ਹੋਇਆ। ਅੱਜ ਕਿਸਾਨ ਧਰਨੇ ਨੂੰ ਜਗਰਾਜ ਸਿੰਘ ਹਰਦਾਸਪੁਰਾ,ਮਾਸਟਰ ਪਿਸ਼ੌਰਾ ਸਿੰਘ,ਸੋਹਣ ਸਿੰਘ,ਦਰਸ਼ਨ ਸਿੰਘ ਫੌਜੀ,ਜਸਵੀਰ ਕੌਰ,ਗੁਰਮੇਲ ਠੁੱਲੀਵਾਲ ਆਦਿ ਨੇ ਸੰਬੋਧਨ ਕੀਤਾ।
‘ਦਿੱਲੀ ਚੱਲੋ ਮੁਹਿੰਮ’ ਤਹਿਤ ਰੈਲੀਆਂ ਜਾਰੀ
ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਦਿੱਲੀ ਸੰਘਰਸ਼ ਵਿੱਚ ਗਿਣਤੀ ਵਧਾਉਣ ਲਈ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ ਦਾ ਸਿਲਸਿਲਾ ਜਾਰੀ ਹੈ। ਪਿੰਡ ਖਿਆਲਾ ਕਲਾਂ ਵਿੱਚ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਬਲਾਕ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਘਰਸ਼ ਨੂੰ ਢਾਹ ਲਾਉਣ ਲਈ ਮਨਸੂਬੇ ਘੜੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਸੰਘਰਸ਼ ਨੂੰ ਦਬਾਅ ਸਕਦੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਤੱਕ ਇਹ ਤਿੰਨ ਕਾਲੇ ਖੇਤੀ ਕਾਨੂੰਨ, ਬਿਜਲੀ ਬਿਲ-2020 ਸਮੇਤ ਹੋਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਨਾ ਚਿਰ ਤੱਕ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਬਲਵਿੰਦਰ ਸ਼ਰਮਾ ਖਿਆਲਾ, ਹਰਦੇਵ ਸਿੰਘ, ਬਰਿਆਮ ਸਿੰਘ, ਸਿਕੰਦਰ ਸਿੰਘ, ਬਿੰਦਰ ਸਿੰਘ, ਸੇਵਕ ਸਿੰਘ ਨੇ ਵੀ ਸੰਬੋਧਨ ਕੀਤਾ।