ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਨਵੰਬਰ
ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਮੁਲਾਕਾਤ ਕਰਕੇ ਪੰਥਕ ਤੇ ਪੰਜਾਬ ਦੇ ਕਿਸਾਨਾਂ ਦੇ ਮਸਲੇ ਵਿਚਾਰੇ। ਉਨ੍ਹਾਂ ਮੰਗ ਪੱਤਰ ਦੇ ਕੇ ਇੰਡੀਆ ਗੇਟ ਜਾਂ ਲਾਲ ਕਿਲ੍ਹੇ ਨੇੜੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰੂ ਤੇਗ਼ ਬਹਾਦਰ ਦੀ ਯਾਦਗਾਰ ਬਣਾਉਣ, ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਬੰਦ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ, ਜਗਦੀਸ਼ ਟਾਈਟਲਰ ਤੇ ਕਮਲਨਾਥ ਖ਼ਿਲਾਫ਼ ਗਵਾਹੀਆਂ ਭੁਗਤਾਉਣ, ਚੰਡੀਗੜ੍ਹ ਯੂਨੀਵਰਸਿਟੀ ਵਿੱਚ ਪੁਰਾਣਾ ਪ੍ਰਬੰਧ ਕਾਇਮ ਕਰਨ ਦੀ ਮੰਗ ਕੀਤੀ ਹੈ। ਇਸ ਮੁਲਾਕਾਤ ਨੂੰ ਅਗਲੇ ਸਾਲ ਹੋਣ ਵਾਲੀਆਂ ਦਿੱਲੀ ਕਮੇਟੀ ਦੀਆਂ ਚੋਣਾਂ ਦੌਰਾਨ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ‘ਸ਼ਰੀਕਾਂ’ ਦੀ ਮਦਦ ਕਰਨ ਲਈ ਕਦਮ ਵਧਾਉਣ ਵਾਲਾ ਮੰਨਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਸਾਰੀਆਂ ਧਿਰਾਂ ਨੂੰ ਇਕੱਠੇ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।