ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਨਵੰਬਰ
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਸ਼ਹਿਰ ਦੀਆਂ ਅੰਦਰਲੀਆਂ ਅਤੇ ਮੁੱਖ ਸੜਕਾਂ ਦੀ ਹਾਲਤ 15 ਦਸੰਬਰ ਤੱਕ ਬਦਲ ਦਿੱਤੀ ਜਾਵੇਗੀ ਅਤੇ ਸਾਰੀਆਂ ਸੜਕਾਂ ’ਤੇ ਪ੍ਰੀਮਿਕਸ ਪਾਈ ਜਾਵੇਗੀ। ਸ਼ਹਿਰ ਵਿੱਚ ਹੋਰ ਵੱਖ-ਵੱਖ ਵਿਕਾਸ ਕਾਰਜਾਂ ਅਤੇ ਸੜਕਾਂ ’ਤੇ 2 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ।
ਅੱਜ ਇੱਥੋਂ ਦੇ ਫੇਜ਼-3ਏ ਵਿੱਚ ਚੰਡੀਗੜ੍ਹ ਦੀ ਬਾਊਂਡਰੀ ਤੋਂ ਲੈ ਕੇ ਮਟੌਰ ਤੱਕ ਸੜਕ ਉੱਤੇ ਦੋਵੇਂ ਪਾਸੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੋ ਰਹੀ ਸੀ ਅਤੇ ਇਸ ਦਾ ਕੰਮ ਵੀ ਲੇਟ ਹੋ ਰਿਹਾ ਸੀ ਪਰ ਹੁਣ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਇਸ ਸੜਕ ਉੱਤੇ ਪ੍ਰੀਮਿਕਸ ਪਾਉਣ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਸਨ।