ਅਜੇ ਮਲਹੋਤਰਾ
ਫ਼ਤਹਿਗੜ੍ਹ ਸਾਹਿਬ, 27 ਨਵੰਬਰ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇਸ ਦੌਰਾਨ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਪਾਲ ਨੂੰ ਸਿਰੋਪਾਓ ਦੇਣ ਉਪਰੰਤ ਫ਼ਤਹਿਗੜ੍ਹ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਗਲੇ ਮਹੀਨੇ ਦਸੰਬਰ ਵਿੱਚ 25 ਤੋਂ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਮੇਲ ਦੌਰਾਨ ਇੱਥੇ ਆ ਕੇ ਨਤਮਸਤਕ ਹੋਣ ਦੀ ਗੱਲ ਵੀ ਕਹੀ।
ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਥਾਨਕ ਬਚਤ ਭਵਨ ਵਿਚ ਡਿਪਟੀ ਕਮਿਸ਼ਨਰ ਅਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਪੰਜਾਬ ਪੁਲੀਸ ਦੀ ਟੁਕੜੀ ਨੇ ਰਾਜਪਾਲ ਨੂੰ ਸਲਾਮੀ ਦਿੱਤੀ। ਮੀਟਿੰਗ ਦੌਰਾਨ ਸ੍ਰੀ ਪੁਰੋਹਿਤ ਨੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਣ ਦੀ ਜਾਣਕਾਰੀ ਹਾਸਲ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਰਾਜਪਾਲ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਪ੍ਰਿਤਾ ਜੌਹਲ ਅਤੇ ਹਰਕਮਲਜੀਤ ਸਿੰਘ, ਐਸ.ਪੀ. ਆਲਮ ਵਿਜੈ ਸਿੰਘ ਅਤੇ ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।