ਗੁਰਿੰਦਰ ਸਿੰਘ
ਲੁਧਿਆਣਾ, 8 ਜੁਲਾਈ
ਬੰਦੀ ਸਿੰਘ ਰਿਹਾਈ ਮੋਰਚਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ਉੱਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਨਾਗਰਿਕਾਂ ਦੇ ਬੋਲਣ ਦੇ ਅਧਿਕਾਰ ਦੇ ਨਾਲ-ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਪਣਾ ਫ਼ੈਸਲਾ ਵਾਪਸ ਲਵੇ। ਅੱਜ ਇੱਥੇ ਮੋਰਚਾ ਦੀ ਮੀਟਿੰਗ ਦੌਰਾਨ ਆਗੂਆਂ ਭਵਨਦੀਪ ਸਿੰਘ ਸਿੱਧੂ ਅਤੇ ਬਾਬਾ ਜੰਗ ਸਿੰਘ ਨੇ ਕਿਹਾ ਕਿ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਗੀਤ (ਐੱਸਵਾਈਐੱਲ) ਹਟਾ ਦਿੱਤਾ ਗਿਆ ਸੀ ਅਤੇ ਹੁਣ ਕੰਵਰ ਗਰੇਵਾਲ ਵੱਲੋਂ ਗਾਏ ਗੀਤ ‘ਰਿਹਾਈ’ ਰਾਹੀਂ ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ ਹਨ ਅਤੇ ਸਿੱਖ ਪੰਥ ਸਰਕਾਰਾਂ ਵੱਲੋਂ ਬੰਦੀ ਸਿੰਘਾਂ ਨੁੰ ਰਿਹਾਅ ਨਾ ਕਰਨ ਦੇ ਫੈਸਲੇ ਤੋਂ ਔਖਾ ਹੈ। ਮੀਟਿੰਗ ਦੌਰਾਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਸ ਫ਼ੈਸਲੇ ’ਤੇ ਮੁੜ ਵਿਚਾਰ ਕਰੇ ਕਿਉਂਕਿ ਅਜਿਹੀਆਂ ਪਾਬੰਦੀਆਂ ਦੁਨੀਆਂ ਦੇ ਮੁਲਕਾਂ ਵਿੱਚ ਭਾਰਤ ਬਾਰੇ ਗਲਤ ਪ੍ਰਭਾਵ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਵਿੱਚ ਮਿਲੀ ਅੰਕਿਤ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਨੂੰ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੋਵਾਂ ਮਾਮਲਿਆਂ ਵਿੱਚ ਆਈ ਸਪੱਸ਼ਟ ਸ਼ਿਕਾਇਤ ਦਾ ਖੁਲ੍ਹਾਸਾ ਕਰੇ ਅਤੇ ਦੱਸੇ ਕਿ ਕਿਸ ਨੇ ਸ਼ਿਕਾਇਤ ਦਰਜ ਕਰਵਾਕੇ ਇਹ ਦੋਵੇਂ ਗੀਤ ਭਾਰਤ ਵਿੱਚ ਯੂ-ਟਿਊਬ ’ਤੇ ਬੈਨ ਕਰਵਾਏ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇ ਅਤੇ ਦਰੁੱਸਤੀ ਭਰੇ ਕਦਮ ਚੁੱਕੇ ਜਾਣ ਤਾਂ ਜੋ ਇਹ ਰੁਝਾਨ ਬੰਦ ਹੋ ਸਕੇ।