ਨਵੀਂ ਦਿੱਲੀ: ਜੰਮੂ ਕਸ਼ਮੀਰ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਹੇਠ 35 ਸੀਨੀਅਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਖੁਰਾਕ ਤੇ ਸਿਵਲ ਸਪਲਾਈ ਦੇ ਪੰਜ, ਟਰਾਂਸਪੋਰਟ ਮਹਿਕਮੇ ਦੇ ਦੋ, ਮਾਲ ਤੇ ਪੇਂਡੂ ਵਿਕਾਸ ਵਿਭਾਗ ਦੇ ਦੋ, ਜੰਗਲਾਤ ਤੇ ਵਾਤਾਵਰਨ ਵਿਭਾਗ ਦੇ 24, ਲੋਕ ਨਿਰਮਾਣ ਵਿਭਾਗ ਦੇ ਦੋ ਵਿਅਕਤੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਜੰਮੂ ਕਸ਼ਮੀਰ ਪ੍ਰਸ਼ਾਸਨ ਵੱਲੋਂ ਇਸ ਮਹੀਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਚਲਾਈ ਗਈ ਸੀ। ਉਪ ਰਾਜਪਾਲ ਮਨੋਜ ਸਿਨਹਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਵੱਖ-ਵੱਖ ਵਿਭਾਗਾਂ ਦੇ ਵਿਜੀਲੈਂਸ ਯੂਨਿਟ ਨੂੰ ਕਾਰਵਾਈ ਲਈ ਕਿਹਾ ਸੀ। ਉਨ੍ਹਾਂ ਤੁਰੰਤ ਐਫਆਈਆਰ ਕਰਨ ਦੇ ਹੁਕਮ ਵੀ ਦਿੱਤੇ ਸਨ। ਇਸ ਤੋਂ ਬਾਅਦ ਕਈ ਥਾਈਂ ਛਾਪੇ ਵੀ ਮਾਰੇ ਗਏ। ਇਸ ਮਾਮਲੇ ਵਿਚ ਹਾਲੇ ਜਾਂਚ ਕੀਤੀ ਜਾ ਰਹੀ ਹੈ। -ਆਈਏਐਨਐੱਸ