ਸਿਰਸਾ: ਘਰੇਲੂ ਤੇ ਖੇਤੀ ਲਈ ਦਿੱਤੀ ਜਾਣ ਵਾਲੀ ਬਿਜਲੀ ’ਚ ਲੱਗ ਰਹੇ ਅਣਐਲਾਨੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਬਿਜਲੀ ਘਰ ਦਾ ਘਿਰਾਓ ਕੀਤਾ। ਆਪਣੀ ਸਮੱਸਿਆ ਐਕਸੀਅਨ ਨੂੰ ਦੱਸਣ ਜਾਂਦੇ ਕਿਸਾਨਾਂ ਨੂੰ ਪੁਲੀਸ ਨੇ ਰੋਕਿਆ ਤਾਂ ਕਿਸਾਨਾਂ ਨੇ ਬਿਜਲੀ ਘਰ ਦੇ ਬਾਹਰ ਧਰਨਾ ਦਿੱਤਾ ਤੇ ਸਰਕਾਰ ਦੇ ਬਿਜਲੀ ਨਿਗਮ ਦੇ ਅਧਿਕਾਰੀਆਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਕਿਸਾਨ ਸਭਾ ਦੇ ਆਗੂ ਡਾ. ਸੁਖਦੇਵ ਸਿੰਘ ਜੰਮੂ ਤੇ ਭਾਰਤੀ ਕਿਸਾਨ ਏਕਤਾ (ਚੜੂਨੀ) ਦੇ ਆਗੂ ਭੁਪਿੰਦਰ ਸਿੰਘ ਨੇ ਦੱਸਿਆ ਕਿ ਘਰੇਲੂ ਤੇ ਖੇਤੀ ਵਾਲੀ ਦਿੱਤੀ ਜਾਣ ਵਾਲੀ ਬਿਜਲੀ ’ਚ ਅਣਐਲਾਨੇ ਲੰਮੇ ਕੱਟ ਲਾਏ ਜਾਣ ਕਾਰਨ ਕਿਸਾਨ ਤੇ ਆਮ ਲੋਕ ਔਖੇ ਹਨ। -ਨਿੱਜੀ ਪੱਤਰ ਪ੍ਰੇਰਕ