ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 1 ਨਵੰਬਰ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਕਿਹਾ ਕਿ ਹਰ ਖੇਤਰ ਵਿਚ ਪੰਜਾਬ ਨਾਲ ਵਿਤਕਰਾ ਕਰ ਰਹੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਬੇਸ਼ੱਕ ਪੇਂਡੂ ਵਿਕਾਸ ਫ਼ੰਡ ਦੇ ਕਰੋੜਾਂ ਰੁਪਏ ਰੋਕ ਲਏ ਹਨ, ਪਰ ਇਸ ਦੇ ਬਾਵਜੂਦ ਹਲਕਾ ਦਾਖਾ ਦੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਅੱਜ ਪਿੰਡ ਭਨੋਹੜ੍ਹ ਵਿਚ 17 ਲੱਖ ਦੀ ਲਾਗਤ ਨਾਲ ਹੋਣ ਵਾਲੇ ਸੀਵਰੇਜ ਅਤੇ ਇੰਟਰਲਾਕਿੰਗ ਟਾਈਲਾਂ ਲਾਉਣ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਕੈਪਟਨ ਸੰਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਨਿੱਤ ਨਵੇਂ ਤੋਂ ਨਵੇਂ ਤੁਗ਼ਲਕੀ ਫ਼ਰਮਾਨ ਜਾਰੀ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਹਾਲਾਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਕੈਪਟਨ ਅਮਰਿੰਦਰ ਸਿੰਘ ਦੇ ਹੁੰਦਿਆਂ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਜਾਂ ਸੂਬੇ ਦਾ ਵਾਲ ਵੀ ਵਿੰਗਾ ਨਹੀਂ ਕਰ ਸਕਦੀ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਸ਼ੁਰੂ ਹੋਏ ਸੰਘਰਸ਼ ਦੀ ਆੜ ਵਿੱਚ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ ਅਤੇ ਪੰਜਾਬ ਦੀ ਹੋਂਦ ਨੂੰ ਹੀ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਪਾਈ ਭਾਜੀ ਦਾ ਮੁੱਲ ਸਮਾਂ ਆਉਣ ’ਤੇ ਮੋੜਿਆ ਜਾਵੇਗਾ। ਇਸ ਮੌਕੇ ਡਾ. ਕਰਨ ਵੜਿੰਗ ਵਾਈਸ ਚੇਅਰਮੈਨ ਪੇਡਾ, ਕਰਨਜੀਤ ਸਿੰਘ ਸੋਨੀ ਗ਼ਾਲਬਿ ਪ੍ਰਧਾਨ ਲੁਧਿਆਣਾ ਦਿਹਾਤੀ, ਸੁਖਵੀਰ ਕੌਰ ਸਰਪੰਚ, ਦਰਸ਼ਨ ਸਿੰਘ ਮੈਂਬਰ ਬਲਾਕ ਸਮਿਤੀ ਸ਼ਖ਼ਸੀਅਤਾਂ ਮੌਜੂਦ ਸਨ।