ਪੱਤਰ ਪ੍ਰੇਰਕ
ਮੋਰਿੰਡਾ, 5 ਮਈ
ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਐੱਲਈਡੀ ਲਾਈਟਾਂ ਅਤੇ ਸੀਸੀਟੀਵੀ ਕੈਮਰਿਆਂ ਦਾ ਉਦਘਾਟਨ ਕੀਤਾ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ 3.22 ਕਰੋੜ ਰੁਪਏ ਦੀ ਲਾਗਤ ਨਾਲ ਐੱਲਈਡੀ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਦਕਿ 12 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਦੇ ਵੱਖ-ਵੱਖ ਦਾਖਲਾ ਪੁਆਇੰਟਾਂ ’ਤੇ 32 ਸੀਸੀਟੀਵੀ ਕੈਮਰੇ ਲਾਏ ਗਏ ਹਨ। ਹਲਕਾ ਵਿਧਾਇਕ ਨੇ ਦੱਸਿਆ ਕੇ ਐੱਲਈਡੀ ਲਾਈਟਾਂ ਦਾ ਕੰਟਰੋਲ ਸਥਾਨਕ ਨਗਰ ਕੌਂਸਲ ਕੋਲ ਅਤੇ ਸੀਸੀਟੀਵੀ ਕੈਮਰਿਆਂ ਦਾ ਸਮੁੱਚਾ ਪ੍ਰਬੰਧ ਮੋਰਿੰਡਾ ਸ਼ਹਿਰੀ ਥਾਣੇ ਕੋਲ ਹੋਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੌਂਸਲਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਮੀਟਿੰਗ ਕੀਤੀ, ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਮੌਕੇ ’ਤੇ ਹੀ ਹੱਲ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।