ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੂਨ
ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਚਾਰ ਸਾਲਾਂ ਦੌਰਾਨ ਬਿਜਲੀ ਦੇ ਬਿੱਲਾਂ ਵਿੱਚ ਭਾਰੀ ਵਾਧਾ ਕੀਤਾ ਹੈ ਪਰ ਹੁਣ ਆਖਰੀ ਸਾਲ ਵਿੱਚ ਬਿਜਲੀ ਦਰਾਂ ’ਚ ਪ੍ਰਤੀ ਯੂਨਿਟ 50 ਪੈਸੇ ਦੀ ਕਮੀ ਕਰਕੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦਕਿ ਪੰਜਾਬ ਵਿੱਚ ਦੇਸ਼ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਡਰਾਮੇਬਾਜ਼ੀ ਨੂੰ ਸਮਝ ਚੁੱਕੇ ਹਨ ਅਤੇ 2022 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ। ਸ੍ਰੀ ਚੱਢਾ ਨੇ ਦੋਸ਼ ਲਾਇਆ ਕਿ ‘ਘਰ-ਘਰ ਰੁਜ਼ਗਾਰ’ ਦਾ ਵਾਅਦਾ ਕਰਕੇ ਕੈਪਟਨ ਅਮਰਿੰਦਰ ਸਿੰਘ ਕੇਵਲ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਦੇ ਪੁੱਤਾਂ ਨੂੰ ਹੀ ਲਾਭ ਦੇ ਰਹੇ ਹਨ।