ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 2 ਜੂਨ
ਜੂਨ 1984 ਵਿਚ ਵਾਪਰੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਵੇਲੇ ਸੱਚਖੰਡ ਦਰਬਾਰ ਸਾਹਿਬ ਵਿਚ ਗੋਲੀਆਂ ਲੱਗੇ ਪਾਵਨ ਸਰੂਪ ਅਤੇ ਸੋਨੇ ਦੇ ਪੱਤਰੇ ਆਦਿ ਹੁਣ ਸੰਗਤ ਦਰਸ਼ਨ ਲਈ ਰੱਖੇ ਜਾਣਗੇ। ਇਹ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।
ਇਸ ਸਬੰਧੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੂਨ ’84 ਦੇ ਘੱਲੂਘਾਰੇ ਨੂੰ ਸਿੱਖ ਕਦੇ ਨਹੀਂ ਭੁੱਲ ਸਕਦੇ। ਇਸ ਘੱਲੂਘਾਰੇ ਨਾਲ ਜੁੜੀਆਂ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾਣਗੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁਲਮ ਯਾਦ ਰੱਖ ਸਕਣ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਘੱਲੂਘਾਰੇ ਦੌਰਾਨ ਦਰਬਾਰ ਸਾਹਿਬ ਅੰਦਰ ਗੋਲੀਆਂ ਲੱਗੇ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਅਕਾਲ ਤਖ਼ਤ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਤਿੰਨ ਤੋਂ ਪੰਜ ਜੂਨ ਤੱਕ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ।
ਫ਼ੌਜੀ ਹਮਲੇ ’ਚ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਦੇ ਜਿਨ੍ਹਾਂ ਸੁਨਹਿਰੀ ਪੱਤਰਿਆਂ ’ਤੇ ਗੋਲੀਆਂ ਲੱਗੀਆਂ ਸਨ, ਨੂੰ ਵੀ ਜਲਦੀ ਹੀ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਹ ਸੁਨਹਿਰੀ ਪੱਤਰੇ ਅਕਾਲ ਤਖ਼ਤ ਵਿਖੇ ਭੋਰਾ ਸਾਹਿਬ ’ਚ ਸੁਸ਼ੋਭਿਤ ਕੀਤੇ ਜਾਣਗੇ। ਇਸ ਦੇ ਨਾਲ ਹੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਉਸਾਰੇ ਇਤਿਹਾਸਕ ਅਕਾਲਸਰ ਖੂਹ ਦੇ ਦਰਸ਼ਨ ਕਰਵਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਜੂਨ ’84 ਦੇ ਫ਼ੌਜੀ ਹਮਲੇ ਸਮੇਂ ਸ਼ਹੀਦ ਹੋਏ ਵਿਅਕਤੀਆਂ ਦੇ ਵੇਰਵੇ ਇਕੱਤਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਫ਼ੌਜ ਦੀਆਂ ਗੋਲੀਆਂ ਦੀ ਗਵਾਹ ਖ਼ਜ਼ਾਨਾ ਡਿਊਡੀ ਸੰਭਾਲਣ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ।
ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਪਾਵਨ ਸਰੂਪ ਦੇ ਬੀਤੇ ਦਿਨ ਦਰਸ਼ਨ ਕੀਤੇ ਹਨ। ਇਹ ਸਰੂਪ ਉਸ ਵੇਲੇ ਦਰਬਾਰ ਸਾਹਿਬ ਵਿਚ ਪ੍ਰਕਾਸ਼ ਕੀਤਾ ਹੋਇਆ ਸੀ। ਸਰੂਪ ਵਿਚ ਗੋਲੀ ਲੱਗਣ ਕਾਰਨ ਇਸ ਦੇ 90 ਅੰਗ ਪ੍ਰਭਾਵਿਤ ਹੋਏ ਹਨ, ਜਿਸ ਦੀ ਸੰਭਾਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁਗਲਾਂ ਅਤੇ ਅੰਗਰੇਜ਼ਾਂ ਦੇ ਰਾਜ ਤੋਂ ਲੈ ਕੇ ਹੁਣ ਤੱਕ ਸਿੱਖੀ ਦੇ ਸਰੋਤ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਪਰ ਜੂਨ ’84 ਦਾ ਫ਼ੌਜੀ ਹਮਲਾ ਇਸ ਕਰਕੇ ਹੋਰ ਵੀ ਦੁੱਖਦਾਈ ਹੈ ਕਿਉਂਕਿ ਇਹ ਆਪਣੇ ਹੀ ਦੇਸ਼ ਦੀ ਕਾਂਗਰਸ ਸਰਕਾਰ ਨੇ ਕੀਤਾ ਸੀ। ਇਹ ਸਿੱਖ ਮਾਨਸਿਕਤਾ ਦਾ ਸਦੀਵੀ ਹਿੱਸਾ ਬਣਿਆ ਰਹੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਛੇ ਜੂਨ ਨੂੰ ਘੱਲੂਘਾਰਾ ਦਿਵਸ ਮਨਾਉਂਦਿਆਂ ਭਾਵਨਾ ਅਨੁਸਾਰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।
‘ਸ਼ਹੀਦੀ ਗੈਲਰੀ’ ਦਾ ਕੰਮ ਪੰਜ ਸਾਲ ਬਾਅਦ ਵੀ ਅਧੂਰਾ
ਅੰਮ੍ਰਿਤਸਰ: ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਸਮਰਪਿਤ ‘ਸ਼ਹੀਦੀ ਗੈਲਰੀ’ ਦਾ ਕੰਮ ਪੰਜ ਸਾਲ ਬਾਅਦ ਵੀ ਅਧੂਰਾ ਪਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2017 ਵਿੱਚ ਸ਼ਹੀਦੀ ਗੈਲਰੀ ਬਣਾਉਣ ਦਾ ਫ਼ੈਸਲਾ ਲੈ ਕੇ ਇਸ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ ਸੀ। ਇਹ ਗੈਲਰੀ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਅਕਾਲ ਤਖ਼ਤ ਨੇੜੇ ਬਣਾਈ ਜਾਣੀ ਹੈ। ਤਤਕਾਲੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਇਸ ਦਾ ਕੰਮ ਇੱਕ ਵਰ੍ਹੇ ਵਿੱਚ ਮੁਕੰਮਲ ਕਰਨ ਦਾ ਟੀਚਾ ਰੱਖਿਆ ਸੀ ਪਰ ਪਿਛਲੇ ਪੰਜ ਵਰ੍ਹਿਆਂ ਵਿੱਚ ਇਸ ਸਬੰਧੀ ਕੋਈ ਵਿਸ਼ੇਸ਼ ਕਾਰਵਾਈ ਨਹੀਂ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਰੋਨਾ ਕਾਰਨ ਪਿਛਲੇ ਸਾਲ ਦੌਰਾਨ ਇਸ ਦਾ ਕੋਈ ਕੰਮ ਨਹੀਂ ਹੋ ਸਕਿਆ। ਇਸ ਤੋਂ ਇਲਾਵਾ ਹੋਰ ਵੀ ਕਈ ਯੋਜਨਾਵਾਂ ਕਰੋਨਾ ਕਾਰਨ ਪ੍ਰਭਾਵਿਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਹ ਸਬੰਧਤ ਯੋਜਨਾ ਮੁਕੰਮਲ ਕਰਨ ਲਈ ਸੇਵਾ ਕਰ ਰਹੀ ਸਿੱਖ ਜਥੇਬੰਦੀ ਨੂੰ ਸ਼ਹੀਦੀ ਗੈਲਰੀ ਅਤੇ ਬਾਕੀ ਰਹਿੰਦੇ ਕੰਮ ਤੇਜ਼ੀ ਨਾਲ ਮੁਕੰਮਲ ਕਰਨ ਲਈ ਕਹਿਣਗੇ। ਦਮਦਮੀ ਟਕਸਾਲ ਨੇ ਇਹ ਯੋਜਨਾ ਸਿਰੇ ਚਾੜ੍ਹਨ ਲਈ ਚਾਰ ਮੈਂਬਰੀ ਕਮੇਟੀ ਬਣਾਈ ਹੋਈ ਹੈ। ਇਸ ਕਮੇਟੀ ਦੇ ਮੈਂਬਰ ਦਲ ਖਾਲਸਾ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਇਹ ਯੋਜਨਾ ਸ਼ੁਰੂ ਕੀਤੇ ਨੂੰ ਚਾਰ ਸਾਲ ਹੋ ਚੁੱਕੇ ਹਨ ਪਰ ਹੁਣ ਤਕ ਮੁਕੰਮਲ ਨਹੀਂ ਹੋਈ। ਇਸ ਸਬੰਧੀ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਇਹ ਅਧੂਰਾ ਪ੍ਰਾਜੈਕਟ ਮੁਕੰਮਲ ਕਰਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੂੰ ਪ੍ਰਾਜੈਕਟ ਮੁਕੰਮਲ ਹੋਣ ਵਿਚ ਪੈ ਰਹੇ ਅੜਿੱਕੇ ਦੂਰ ਕਰਵਾਉਣੇ ਚਾਹੀਦੇ ਹਨ। ਜ਼ਿਕਰਯੋਗ ਹੈ ਕਿ ਦਲ ਖਾਲਸਾ ਵੱਲੋਂ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਵੇਲੇ ਮਾਰੇ ਗਏ ਸਿੱਖਾਂ ਦੀ ਡਾਇਰੈਕਟਰੀ ਵੀ ਤਿਆਰ ਕੀਤੀ ਗਈ ਸੀ, ਜਿਸ ਵਿਚ 222 ਸਿੱਖਾਂ ਦੀਆ ਤਸਵੀਰਾਂ ਅਤੇ ਵੇਰਵੇ ਦਰਜ ਹਨ। ਇਨ੍ਹਾਂ ਵਿਚ ਵਧੇਰੇ ਪੰਜਾਬ ਦੇ ਵਿਅਕਤੀਆਂ ਤੋਂ ਇਲਾਵਾ ਹਰਿਆਣਾ ਅਤੇ ਨੰਦੇੜ ਨਾਲ ਸਬੰਧਤ ਸਿੱਖ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਦਰਬਾਰ ਸਾਹਿਬ ਕੰਪਲੈਕਸ ਵਿਚ ਬਣਨ ਵਾਲੀ ਸ਼ਹੀਦੀ ਗੈਲਰੀ ਦਾ ਕੰਮ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਥੋੜੇ ਦਿਨਾਂ ਅੰਦਰ ਹੀ ਜੂਨ 1984 ਸਬੰਧੀ ਬਣਾਈ ਜਾ ਰਹੀ ਸ਼ਹੀਦੀ ਗੈਲਰੀ ਖੋਲ੍ਹ ਦਿੱਤੀ ਜਾਵੇਗੀ ਅਤੇ ਇਸ ਵਿਚ ਢਹਿ-ਢੇਰੀ ਹੋਏ ਅਕਾਲ ਤਖ਼ਤ ਦਾ ਵੱਡ-ਆਕਾਰੀ ਮਾਡਲ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਇੱਥੇ ਡਿਜੀਟਲ ਰੂਪ ਵਿਚ ਘੱਲੂਘਾਰੇ ਦੇ ਇਤਿਹਾਸ ਨੂੰ ਵੀ ਰੂਪਮਾਨ ਕਰਨ ਦੀ ਯੋਜਨਾ ਹੈ।