ਸਿਲੀਗੁੜੀ/ਕੋਲਕਾਤਾ, 5 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕਰੋਨਾਵਾਇਰਸ ਮਹਾਮਾਰੀ ਦੇ ਖ਼ਤਮ ਹੋਣ ਤੋਂ ਬਾਅਦ ਹੀ ਨਾਗਰਿਕਤਾ (ਸੋਧ) ਕਾਨੂੰਨ (ਸੀਏਏ) ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਟੀਐੱਮਸੀ ’ਤੇ ਪੱਛਮੀ ਬੰਗਾਲ ਵਿੱਚ ਸੀਏਏ ਨੂੰ ਲੈ ਕੇ ਅਫ਼ਵਾਹਾਂ ਫੈਲਾਉਣ ਦਾ ਦੋਸ਼ ਵੀ ਲਗਾਇਆ। ਉਹ ਉੱਤਰੀ ਬੰਗਾਲ ਦੇ ਸਿਲੀਗੁੜੀ ਵਿੱਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਸ੍ਰੀ ਸ਼ਾਹ ਨੇ ਕਿਹਾ ਕਿ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਅੱਤਿਆਚਾਰੀ ਸ਼ਾਸਨ ਨੂੰ ਉਖਾੜ ਕੇ ਲੋਕਤੰਤਰ ਨੂੰ ਬਹਾਲ ਕਰਨ ਤੱਕ ਭਾਰਤੀ ਜਨਤਾ ਪਾਰਟੀ ਆਰਾਮ ਨਾਲ ਨਹੀਂ ਬੈਠੇਗੀ। ਉਨ੍ਹਾਂ ਕਿਹਾ ਕਿ ਭਾਜਪਾ ‘ਕੱਟ ਮਨੀ’ (ਜਬਰੀ ਵਸੂਲੀ), ਭ੍ਰਿਸ਼ਟਾਚਾਰ ਅਤੇ ਸਿਆਸੀ ਹਿੰਸਾ ਖ਼ਿਲਾਫ਼ ਲੜਾਈ ਜਾਰੀ ਰੱਖੇਗੀ। ਉਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ 77 ਉਮੀਦਵਾਰਾਂ ਨੂੰ ਜਿਤਾਉਣ ਲਈ ਉੱਤਰ ਬੰਗਾਲ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਸ੍ਰੀ ਸ਼ਾਹ ਨੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਹਮੇਸ਼ਾਂ ਸੌੜੇ ਸਿਆਸੀ ਹਿੱਤਾਂ ਲਈ ਗੋਰਖਾ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਵੀ ਲਗਾਇਆ।
ਇਸ ਤੋਂ ਪਹਿਲਾਂ ਉਨ੍ਹਾਂ ਪੱਛਮੀ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਵਿੱਚ ਸੁੰਦਰਬਨ ਇਲਾਕੇ ਦੇ ਹਿੰਗਾਲਗੰਜ ’ਚ ਸੀਮਾ ਸੁਰੱਖਿਆ ਬਲ ਦੀਆਂ ‘ਫਲੋਟਿੰਗ’ ਸਰਹੱਦੀ ਚੌਕੀਆਂ ਦਾ ਉਦਘਾਟਨ ਕੀਤਾ ਅਤੇ ਇਕ ਕਿਸ਼ਤੀ ਐਂਬੂਲੈਂਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਸਬੰਧੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਹ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੇ ਸਹਿਯੋਗ ਤੋਂ ਬਿਨਾਂ ਘੁਸਪੈਠ ਤੇ ਤਸਕਰੀ ਨੂੰ ਰੋਕਣਾ ਮੁਸ਼ਕਿਲ ਹੈ। ਸ਼ਾਹ ਨੇ ਹਾਲਾਂਕਿ ਜ਼ੋਰ ਦੇ ਕੇ ਕਿਹਾ ਕਿ ਜਲਦੀ ਹੀ ਇਕ ਅਜਿਹੀ ਸਿਆਸੀ ਸਥਿਤੀ ਆਵੇਗੀ ਜਿਸ ਦੇ ਮੱਦੇਨਜ਼ਰ ਸਥਾਨਕ ਅਧਿਕਾਰੀ ਜਨਤਾ ਦੇ ਦਬਾਅ ਅੱਗੇ ਮਦਦ ਕਰਨ ਲਈ ਪਾਬੰਦ ਹੋ ਜਾਣਗੇ। ਉਨ੍ਹਾਂ ਕਿਹਾ, ‘‘ਆਪਣੀਆਂ ਸਰਹੱਦਾਂ ਨੂੰ ਘੁਸਪੈਠ ਤੇ ਤਸਕਰੀ ਤੋਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ।’’ ਕੇਂਦਰੀ ਗ੍ਰਹਿ ਮੰਤਰੀ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿੱਚ ਸੀਮਾ ਸੁਰੱਖਿਆ ਬਲਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਸ੍ਰੀ ਸ਼ਾਹ ਸੂਬੇ ਵਿੱਚ ਹੋਈਆਂ 2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਦੋ ਰੋਜ਼ਾ ਦੌਰੇ ’ਤੇ ਪੱਛਮੀ ਬੰਗਾਲ ਆਏ ਹਨ। ਇਸ ਦੌਰਾਨ ਉਨ੍ਹਾਂ ਬੀਐੱਸਐੱਫ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ। -ਪੀਟੀਆਈ
ਅਗਲੇ ਤਿੰਨ ਹਫ਼ਤਿਆਂ ਵਿੱਚ ਸੱਤ ਸੂਬਿਆਂ ਦਾ ਦੌਰਾ ਕਰਨਗੇ ਸ਼ਾਹ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਗਲੇ ਤਿੰਨ ਹਫ਼ਤਿਆਂ ਵਿੱਚ ਸੱਤ ਸੂਬਿਆਂ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਜਨਤਕ, ਸਿਆਸੀ ਅਤੇ ਅਧਿਕਾਰਤ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਸ਼ਾਹ ਇਸ ਵੇਲੇ ਪੱਛਮੀ ਬੰਗਾਲ ਦੇ ਦੋ ਰੋਜ਼ਾ ਦੌਰੇ ’ਤੇ ਹਨ। ਉਹ ਅਗਲੇ ਤਿੰਨ ਹਫ਼ਤਿਆਂ ਦੌਰਾਨ ਅਸਾਮ, ਤਿਲੰਗਾਨਾ, ਕੇਰਲਾ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਦਾ ਦੌਰਾ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ 9 ਤੇ 10 ਮਈ ਨੂੰ ਅਸਾਮ ਜਾਣਗੇ। ਉਪਰੰਤ 14 ਮਈ ਨੂੰ ਤਿਲੰਗਾਨਾ, 15 ਮਈ ਨੂੰ ਕੇਰਲਾ, 20 ਮਈ ਨੂੰ ਉੱਤਰਾਖੰਡ, 21-22 ਮਈ ਨੂੰ ਅਰੁਣਾਚਲ ਪ੍ਰਦੇਸ਼, 27 ਮਈ ਨੂੰ ਮਹਾਰਾਸ਼ਟਰ ਅਤੇ 28-29 ਮਈ ਨੂੰ ਗੁਜਰਾਤ ਵਿੱਚ ਹੋਣਗੇ। -ਪੀਟੀਆਈ