ਸਰਬਜੀਤ ਸਿੰਘ ਭੱਟੀ
ਲਾਲੜੂ, 12 ਅਗਸਤ
ਦੱਪਰ ਟੌਲ ਪਲਾਜ਼ਾ ’ਤੇ ਧਰਨਾ ਲਾ ਕੇ ਬੈਠੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਲਈ ਅੱਜ ਵਿਸ਼ੇਸ਼ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਰਾਕੇਸ਼ ਟਿਕੈਤ ਨੇ ਸ਼ਿਰਕਤ ਕੀਤੀ।ਉਨ੍ਹਾਂ ਇੱਥੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਇਹ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਪਿਛਲੇ ਅੱਠ ਮਹੀਨਿਆਂ ਤੋਂ ਕਿਸਾਨ ਮੀਂਹ ਅਤੇ ਹਨ੍ਹੇਰੀ ਦੀ ਪਰਵਾਹ ਕੀਤੇ ਬਿਨਾਂ ਸ਼ਾਂਤਮਈ ਢੰਗ ਨਾਲ ਦਿੱਲੀ ਦੀਆਂ ਹੱਦਾਂ ਅਤੇ ਪੰਜਾਬ ਦੇ ਕਿਸਾਨ ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਟੌਲ ਪਲਾਜ਼ਿਆਂ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਅੱਗੇ ਕੋਈ ਵੀ ਸਰਕਾਰ ਨਹੀਂ ਟਿਕ ਸਕਦੀ। ਸ੍ਰੀ ਟਿਕੈਤ ਨੇ ਕਿਸਾਨਾਂ ਨੂੰ ਸੰਘਰਸ਼ ’ਤੇ ਡਟੇ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਜ਼ਰੂਰ ਜਿੱਤੇਗਾ। ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਮਗਰੋਂ ਕਿਸਾਨ ਆਗੂ ਸ਼ੰਭੂ ਟੌਲ ਪਲਾਜ਼ਾ ਲਈ ਰਵਾਨਾ ਹੋ ਗਏ। ਇਸ ਮੌਕੇ ਲਾਲੜੂ ਪੁਲੀਸ ਨੇ ਕਿਸਾਨਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਬੀਕੇਯੂ ਲੱਖੋਵਾਲ ਦੇ ਜਨਰਲ ਸਕੱਤਰ ਹਰਵਿੰਦਰ ਸਿੰਘ ਲੱਖੋਵਾਲ, ਮਨਪ੍ਰੀਤ ਸਿੰਘ ਅਮਲਾਲਾ, ਰਜਿੰਦਰ ਸਿੰਘ ਢੋਲਾ, ਨਿਰਮੈਲ ਸਿੰਘ ਜੌਲਾ, ਕਰਮ ਸਿੰਘ ਬਰੌਲੀ ਅਤੇ ਗੁਰਨਾਮ ਸਿੰਘ ਮੌਜੂਦ ਸਨ।
ਝੂਠੇ ਕੇਸਾਂ ਨਾਲ ਝੁਕਣ ਵਾਲੇ ਨਹੀਂ ਕਿਸਾਨ: ਟਿਕੈਤ
ਕੁਰੂਕਸ਼ੇਤਰ: ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਹਰਿਆਣਾ ਸਰਕਾਰ ’ਤੇ ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਦਰਜ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਨ੍ਹਾਂ ਕੇਸਾਂ ਦੇ ਬਾਵਜੂਦ ਨਹੀਂ ਝੁਕਣਗੇ ਤੇ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਜਾਰੀ ਰੱਖਣਗੇ। ਟਿਕੈਤ ਨੇ ਕਿਹਾ ਕਿ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਮਨਸੂਖ ਕੀਤੇ ਜਾਣ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਖੱਟਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਅਮਨ-ਅਮਾਨ ਨਾਲ ਚੱਲ ਰਹੇ ਅੰਦੋਲਨ ਵਿੱਚ ਦਖਲ ਨਾ ਦੇਵੇ। ਉਨ੍ਹਾਂ ਕਿਹਾ, ‘‘ਹਰਿਆਣਾ ਦੀ ਹਾਕਮ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਤੇ ਇਹੀ ਵਜ੍ਹਾ ਹੈ ਕਿ ਉਨ੍ਹਾਂ ਖ਼ਿਲਾਫ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ।’’ -ਪੀਟੀਆਈ