ਨਵੀਂ ਦਿੱਲੀ, 9 ਫਰਵਰੀ
ਐੱਨ ਚੰਦਰਬਾਬੂ ਨਾਇਡੂ ਦੇ ਕਾਰਜਕਾਲ ਦੌਰਾਨ ਅਮਰਾਵਤੀ ਕੈਪੀਟਲ ਰੀਜਨ ’ਚ ਹੋਏ ਜ਼ਮੀਨੀ ਸੌਦਿਆਂ ਵਿੱਚ ਕਥਿਤ ਬੇਨਿਯਮੀਆਂ ਦੀ ਜਾਂਚ ’ਤੇ ਹਾਈ ਕੋਰਟ ਵੱਲੋਂ ਰੋਕ ਲਗਾਏ ਜਾਣ ਖ਼ਿਲਾਫ਼ ਆਂਧਰਾ ਪ੍ਰਦੇਸ਼ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ 5 ਮਾਰਚ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਇਕ ਹੋਰ ਹੁਕਮ ਖ਼ਿਲਾਫ਼ ਦਾਖ਼ਲ ਕੀਤੀ ਗਈ ਵੱਖਰੀ ਪਟੀਸ਼ਨ ’ਤੇ ਵੀ 5 ਮਾਰਚ ਨੂੰ ਹੀ ਸੁਣਵਾਈ ਕਰੇਗਾ।
ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਜਸਟਿਸ ਅਸ਼ੋਕ ਭੂਸ਼ਨ ਅਤੇ ਆਰ ਐੱਸ ਰੈੱਡੀ ਦੇ ਬੈਂਚ ਵੱਲੋਂ ਕੀਤੀ ਗਈ। ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਪਿਛਲੇ ਸਾਲ 16 ਸਤੰਬਰ ਨੂੰ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈੱਡੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ। -ਪੀਟੀਆਈ