ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 14 ਜੁਲਾਈ
ਕਿਸਾਨ ਸਭਾ, ਸੀਟੂ ਅਤੇ ਖੇਤ ਮਜ਼ਦੂਰ ਯੂਨੀਅਨ ਦੀਆਂ ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੀਆਂ ਜ਼ਿਲ੍ਹਾ ਇਕਾਈਆਂ ਵੱਲੋਂ ਸਥਾਨਕ ਚਮਕ ਭਵਨ ਵਿੱਚ ਮੀਟਿੰਗ ਕਰਦਿਆਂ ਮਹਿੰਗਾਈ, ਖੇਤੀ ਮਾਰੂ ਕਾਲੇ ਕਾਨੂੰਨਾਂ ਅਤੇ ਕੈਪਟਨ ਸਰਕਾਰ ਵਲੋਂ ਕੀਤੇ ਵਾਅਦਿਆਂ ਨੂੰ ਲਾਗੂ ਕਰਾਉਣ ਲਈ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕਰਨ ਅਤੇ 9 ਅਗਸਤ ਦੇ ਇਤਿਹਾਸਕ ਦਿਹਾੜੇ ’ਤੇ ਜ਼ਿਲ੍ਹਾ ਹੈਡਕੁਆਟਰਾਂ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸਾਥੀ ਲਾਲ ਸਿੰਘ ਧਨੌਲਾ ਅਤੇ ਸੀਟੂ ਦੇ ਸਾਥੀ ਸ਼ੇਰ ਸਿੰਘ ਫਰਵਾਹੀ ਅਤੇ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਜਰਨੈਲ ਸਿੰਘ ਨੇ ਕੀਤੀ। ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਸਾਥੀ ਮੇਜਰ ਸਿੰਘ ਪੁੰਨਾਂਵਾਲ, ਖੇਤ ਮਜ਼ਦੂਰ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਸਾਥੀ ਭੂਪ ਚੰਦ ਚੰਨੋ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਸੰਬੋਧਨ ਕੀਤਾ। ਉਨ੍ਹਾਂ 25 ਜੁਲਾਈ ਤੋਂ 8 ਅਗਸਤ ਤੱਕ ਲੋਕਾਂ ਨੂੰ ਲਾਮਬੰਦੀ ਲਈ ਪਰਚੇ ਵੰਡਣ ਅਤੇ 9 ਅਗਸਤ ਨੂੰ ਰੈਲੀਆਂ ਨੂੰ ਸਫ਼ਲ ਬਣਾਉਣ ਲਈ ਸਾਂਝੀ ਜਾਗਰਿਤ ਮੁਹਿੰਮ ਨੂੰ ਸਿਖਰਾਂ ਤੱਕ ਪਹੁੰਚਾਉਣ ’ਤੇ ਜ਼ੋਰ ਦਿੱਤਾ।