ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 30 ਸਤੰਬਰ
ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿੱਚ ਸਥਿਤ ਸਰਕਾਰੀ ਮੰਡੀ ਵਿੱਚ ਝੋਨੇ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ ਪਰ ਸਰਕਾਰੀ ਖਰੀਦ ਦੇ ਚਾਰ ਦਿਨ ਬੀਤਣ ਦੇ ਬਾਵਜੂਦ ਅਜੇ ਤੱਕ ਕਿਸੇ ਵੀ ਸਰਕਾਰੀ ਏਜੰਸੀ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ ਜਿਸ ਕਾਰਨ ਕਿਸਾਨ ਪਿਛਲੇ ਚਾਰ ਦਿਨਾਂ ਤੋਂ ਝੋਨੇ ਦੀ ਸਰਕਾਰੀ ਖਰੀਦ ਹੋਣ ਦੀ ਉਡੀਕ ਵਿੱਚ ਪ੍ਰੇਸ਼ਾਨ ਹੋ ਰਹੇ ਹਨ।
ਕਿਸਾਨ ਮੱਖਣ ਸਿੰਘ, ਹਰਜੀਤ ਸਿੰਘ, ਰਣਜੀਤ ਸਿੰਘ ਤੇ ਦੀਦਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕਰੀਬ 3 ਦਿਨ ਪਹਿਲਾਂ ਝੋਨੇ ਦੀ ਫ਼ਸਲ ਮੰਡੀ ਵਿੱਚ ’ਚ ਲਿਆਂਦੀ ਗਈ ਸੀ ਅਤੇ ਤਿੰਨ ਦਿਨ ਤੋਂ ਲਗਾਤਾਰ ਖਰੀਦ ਦੀ ਉਡੀਕ ਕਰ ਰਹੇ ਹਨ ਪਰ ਅਜੇ ਤੱਕ ਕਿਸੇ ਵੀ ਸਰਕਾਰੀ ਖਰੀਦ ਏਜੰਸੀ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀਆਂ ਖੁਦ ਦੀਆਂ ਖਰੀਦ ਏਜੰਸੀਆਂ ਕਿਸਾਨਾਂ ਦਾ ਝੋਨਾ ਖ਼ਰੀਦਣ ਲਈ ਦਿਲਚਸਪੀ ਨਹੀਂ ਦਿਖਾ ਰਹੀਆਂ। ਅਜਿਹੀ ਸਥਿਤੀ ਵਿੱਚ ਪ੍ਰਾਈਵੇਟ ਕੰਪਨੀਆਂ ਤੋਂ ਕਿਸਾਨਾਂ ਨੂੰ ਕੀ ਆਸ ਹੋ ਸਕਦੀ ਹੈ। ਇਸ ਮੌਕੇ ਕਿਸਾਨਾਂ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਗਟ ਕਰਦਿਆਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਅਪੀਲ ਕੀਤੀ ਗਈ।
ਐੱਸਡੀਐੱਮ ਖਡੂਰ ਸਾਹਿਬ ਰੋਹਿਤ ਗੁਪਤਾ ਨੇ ਕਿਹਾ ਕਿ ਖਡੂਰ ਸਾਹਿਬ ਦੀਆਂ ਮੰਡੀਆਂ ਵਿੱਚ ਕੱਲ੍ਹ ਦੀ ਸਰਕਾਰੀ ਖਰੀਦ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਗੋਇੰਦਵਾਲ ਸਾਹਿਬ ਮੰਡੀ ਵਿੱਚ ਅਜੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ ਤਾਂ ਇਸ ਸਬੰਧੀ ਅਧਿਕਾਰੀਆਂ ਤੋ ਰਿਪੋਰਟ ਤਲਬ ਕੀਤੀ ਜਾਵੇਗੀ।