ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ‘ਪਾਣੀ ਬਚਾਓ ਅਤੇ ਖੇਤੀ ਬਚਾਓ’ ਦੇ ਸੰਕਲਪ ਹੇਠ 16 ਜ਼ਿਲ੍ਹਿਆਂ ਦੇ ਪਿੰਡਾਂ ਵਿੱਚ ਅੱਜ ਤੋਂ ਪੰਜ ਰੋਜ਼ਾ ਧਰਨੇ ਲਾਏ ਗਏ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਮੋਰਚਿਆਂ ਵਿੱਚ ਸੈਂਕੜੇ ਕਿਸਾਨ, ਮਜ਼ਦੂਰ ਤੇ ਹੋਰ ਕਿਰਤੀ ਲੋਕ ਸ਼ਾਮਲ ਹੋਏ। ਜ਼ਿਆਦਾਤਰ ਮੋਰਚੇ ਪੇਂਡੂ ਜਲ ਸਪਲਾਈ ਟੈਂਕੀਆਂ ਦੇ ਅਹਾਤਿਆਂ ਵਿੱਚ ਲਾਏ ਗਏ ਹਨ, ਜਿਨ੍ਹਾਂ ਵਿੱਚ ਹਮਾਇਤ ਵਜੋਂ ਬਹੁਤੀ ਥਾਈਂ ਜਲ ਸਪਲਾਈ ਠੇਕਾ ਕਾਮੇ ਵੀ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਜ਼ਿਲ੍ਹਿਆਂ ਦੇ ਕਿਸਾਨ ਵੀ ਅਜਿਹੇ ਮੋਰਚੇ ਲਾਉਣਗੇ।
ਬੁਲਾਰਿਆਂ ਨੇ ਮੰਗ ਕੀਤੀ ਕਿ ਸੰਸਾਰ ਬੈਂਕ ਦੇ 2005 ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਣ ਵਾਲੇ ਪਾਣੀ, ਨਹਿਰੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਮਾਲਕੀ ਪੂੰਜੀਪਤੀਆਂ ਨੂੰ ਸੌਂਪਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਾਰੇ ਪ੍ਰਾਜੈਕਟ ਪੰਜਾਬ ਅਸੈਂਬਲੀ ਵਿੱਚ ਮਤਾ ਪਾ ਕੇ ਰੱਦ ਕੀਤੇ ਜਾਣ। ਪੇਂਡੂ ਜਲ ਸਪਲਾਈ ਦਾ ਪਹਿਲਾ ਢਾਂਚਾ ਉਸੇ ਤਰ੍ਹਾਂ ਬਹਾਲ ਕੀਤਾ ਜਾਵੇ। ਦਰਿਆਵਾਂ ਨਹਿਰਾਂ ਅਤੇ ਸੇਮ ਨਾਲਿਆਂ ਨੂੰ ਪ੍ਰਦੂਸ਼ਿਤ ਕਰ ਰਹੀਆਂ ਸਾਰੀਆਂ ਸਨਅਤੀ ਇਕਾਈਆਂ, ਸ਼ਹਿਰੀ ਕਮੇਟੀਆਂ ਤੇ ਹੋਰ ਅਦਾਰਿਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਕੇ ਸਜ਼ਾਵਾਂ ਦਿੱਤੀਆਂ ਜਾਣ ਅਤੇ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਿਆ ਜਾਵੇ। ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਉਮਰ ਕੈਦ, ਜਾਇਦਾਦ ਜ਼ਬਤ ਅਤੇ ਜੁਰਮਾਨੇ ਲਾਉਣ ਦੀ ਸਜ਼ਾ ਵਾਲਾ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸਰਕਾਰ ਵੱਲੋਂ ਇਹ ਮੰਗਾਂ ਨਜ਼ਰਅੰਦਾਜ਼ ਕੀਤੀਆਂ ਜਾਣ ’ਤੇ ਸੰਘਰਸ਼ ਤਿੱਖਾ ਕੀਤਾ ਜਾਵੇਗਾ। ਅੱਜ ਦੇ ਧਰਨਿਆਂ ਨੂੰ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਨਕ ਸਿੰਘ ਭੁਟਾਲ ਰੂਪ ਸਿੰਘ ਛੰਨਾ ਨੇ ਸੰਬੋਧਨ ਕੀਤਾ।