ਰਵੇਲ ਸਿੰਘ ਭਿੰਡਰ
ਪਟਿਆਲਾ, 12 ਅਗਸਤ
ਸ਼ੋ੍ਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਵਿੱਤੀ ਸੰਕਟ ਕਾਰਨ ਔਕੜਾਂ ਦਾ ਸਾਹਮਣਾ ਕਰ ਰਹੀ ਪੰਜਾਬੀ ਯੂਨੀਵਰਸਿਟੀ ਦੇ ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾਏ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਮਾਲਵੇ ਦੀ ਸ਼ਾਨ ਅਤੇ ਮਾਣ ਪੰਜਾਬੀ ਯੂਨੀਵਰਸਿਟੀ ਫੰਡਾਂ ਦੀ ਘਾਟ ਕਾਰਨ ਅਨੇਕਾਂ ਮੁਸ਼ਕਲਾਂ ਨਾਲ ਜੂਝ ਰਹੀ ਹੈ, ਜਿਸ ਕਾਰਨ ਯੂਨੀਵਰਸਿਟੀ ਦੇ ਅਧਿਆਪਨ ਅਤੇ ਗੈਰ ਅਧਿਆਪਨ ਦੇ ਖੇਤਰ ਵਿਚ ਕਾਰਜਸ਼ੀਲ ਵਿਅਕਤੀਆਂ ਨੂੰ ਖੋਜ, ਸਾਹਿਤ ਰਚਨਾ ਸਮੇਤ ਘਰੇਲੂ ਖੇਤਰ ਵਿਚ ਪਰਿਵਾਰਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਵਰਸਿਟੀ ਦੇ ਮੁਲਾਜ਼ਮਾਂ ਨੂੰ ਅਨੇਕਾਂ ਹੀ ਮੁਸ਼ਕਲਾਂ ਨਾਲ ਜੂਝਣਾ ਪੈ ਰਿਹਾ ਹੈ ਅਤੇ ਇਥੋਂ ਤੱਕ ਕਿ ਪਰਿਵਾਰਾਂ ਦੀ ਰੋਜ਼ੀ ਰੋਟੀ, ਬੱਚਿਆਂ ਦੀਆਂ ਫੀਸਾਂ, ਬੈਂਕਾਂ ਕਰਜ਼ਿਆਂ ਦੀਆਂ ਕਿਸ਼ਤਾਂ ਦੀ ਅਦਾਇਗੀ ਵੀ ਸਮੇਂ ਸਿਰ ਨਾ ਹੋਣ ਕਾਰਨ ਅਨੇਕਾਂ ਮੁੁਸ਼ਕਲਾਂ ਦਰਪੇਸ਼ ਹਨ। ਮੀਡੀਆ ਵਿਚ ਨਿੱਤ ਛਪ ਰਹੀਆਂ ਖ਼ਬਰਾਂ ਨਾਲ ਯੂਨੀਵਰਸਿਟੀ ਦੇ ਸਨਮਾਨ ਨੂੰ ਡੀ ਢਾਹ ਲੱਗ ਰਹੀ ਹੈ। ਪੱਤਰ ’ਚ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਜ਼ੋਰ ਦਿੱਤਾ ਕਿ ਉਹ ਯੂਨੀਵਰਸਿਟੀ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਆਪਣਾ ਅਹਿਮ ਰੋਲ ਅਦਾ ਕਰਨ।