ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੁਲਾਈ
ਇੱਥੇ ਅੱਜ ‘ਆਪ’ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਪਹਿਲੇ ਮਾਮਲੇ ’ਚ ਮੋਗਾ ਅਦਾਲਤ ਵੱਲੋਂ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ‘ਆਪ’ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮੱਲਕੇ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈੈ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ’ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਅਕਾਲੀਆਂ ਦੀ ਸਰਕਾਰ ਦੌਰਾਨ ਵਾਪਰੀਆਂ ਤੇ ਕਾਂਗਰਸ ਨੇ ਦੋਸ਼ੀਆਂ ਨੂੰ ਬਚਾਇਆ। ਹੁਣ ‘ਆਪ’ ਸਰਕਾਰ ਨੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਆਰੰਭ ਦਿੱਤੀ ਹੈ। ਬੇਅਦਬੀ ਤੇ ਗੋਲੀ ਕਾਂਡ ਦਾ ਇੱਕ ਵੀ ਦੋਸ਼ੀ ਬਖਸ਼ਿਆ ਨਹੀਂ ਜਾਵੇਗਾ।