ਨਵੀਂ ਦਿੱਲੀ, 14 ਜੁਲਾਈ
ਕੇਂਦਰੀ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਪਹਾੜੀ ਇਲਾਕਿਆਂ ਸਮੇਤ ਮੁਲਕ ਦੇ ਕਈ ਹਿੱਸਿਆਂ ’ਚ ਕੋਵਿਡ-19 ਨੇਮਾਂ ਦੀ ਘੋਰ ਉਲੰਘਣਾ ਹੋ ਰਹੀ ਹੈ। ਉਨ੍ਹਾਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ (ਯੂਟੀਜ਼) ਨੂੰ ਕਿਹਾ ਹੈ ਕਿ ਜਿਹੜੇ ਅਧਿਕਾਰੀ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ’ਚ ਨਾਕਾਮ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਾਰੇ ਸੂਬਿਆਂ ਅਤੇ ਯੂਟੀਜ਼ ਨੂੰ ਲਿਖੇ ਪੱਤਰ ’ਚ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਇਹ ਵੀ ਕਿਹਾ ਕਿ ਜਨਤਕ ਟਰਾਂਸਪੋਰਟ ’ਚ ਕੋਵਿਡ ਉਚਿਤ ਵਿਵਹਾਰ ਦਾ ਪਾਲਣ ਨਹੀਂ ਕੀਤਾ ਜਾ ਰਿਹਾ ਹੈ ਅਤੇ ਬਾਜ਼ਾਰਾਂ ’ਚ ਭੀੜ ਇਕੱਠੀ ਹੋ ਰਹੀ ਹੈ ਅਤੇ ਇਹ ਸਮਾਜਿਕ ਦੂਰੀ ਦੇ ਨੇਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ ਹੈ ਅਤੇ ਸਾਰਿਆਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਅਜੇ ਢਿੱਲ ਦੀ ਕੋਈ ਲੋੜ ਨਹੀਂ ਹੈ। ਸ੍ਰੀ ਭੱਲਾ ਨੇ ਕਿਹਾ ਕਿ ਸਰਗਰਮ ਕੇਸਾਂ ਦੀ ਗਿਣਤੀ ਘਟਣ ਮਗਰੋਂ ਸੂਬਿਆਂ ਅਤੇ ਯੂਟੀਜ਼ ਨੇ ਹੌਲੀ-ਹੌਲੀ ਆਰਥਿਕ ਸਰਗਰਮੀਆਂ ਮੁੜ ਤੋਂ ਖੋਲ੍ਹਣੀਆਂ ਸ਼ੁਰੂ ਕਰ ਦਿੱਤੀਆਂ ਹਨ ਪਰ ਪਾਬੰਦੀਆਂ ’ਚ ਢਿੱਲ ਦਾ ਅਮਲ ਧਿਆਨ ਨਾਲ ਅਪਣਾਉਣਾ ਚਾਹੀਦਾ ਹੈ। -ਪੀਟੀਆਈ