ਕੁਲਦੀਪ ਸਿੰਘ
ਚੰਡੀਗੜ੍ਹ, 8 ਫਰਵਰੀ
ਯੂ.ਟੀ. ਦੇ ਬਿਜਲੀ ਵਿਭਾਗ ਦਾ ਨਿੱਜੀਕਰਨ ਕੀਤੇ ਜਾਣ ਦੇ ਵਿਰੋਧ ਵਿੱਚ ਯੂਟੀ ਪਾਵਰਮੈਨ ਯੂਨੀਅਨ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਵੱਲੋਂ ਅੱਜ ਸੈਕਟਰ 17 ਸਥਿਤ ਕਾਰਜਕਾਰੀ ਮੰਡਲ ਅਫ਼ਸਰ ਦੇ ਦਫ਼ਤਰ ਡਿਵੀਜ਼ਨ ਨੰਬਰ ਇਕ ਦੇ ਸਾਹਮਣੇ ਰੋਸ ਰੈਲੀ ਕੀਤੀ ਗਈ। ਸਵੇਰੇ ਆਪੋ-ਆਪਣੇ ਦਫ਼ਤਰਾਂ ਵਿੱਚ ਮੁਲਾਜ਼ਮ ਇਕੱਠੇ ਹੋਏ ਅਤੇ ਇੱਥੋਂ ਰੋਸ ਮਾਰਚ ਕਰਦਿਆਂ ਸੈਕਟਰ 17 ਵਿੱਚ ਰੈਲੀ ਵਾਲੀ ਥਾਂ ’ਤੇ ਪਹੁੰਚੇ ਜਿੱਥੇ ਉਨ੍ਹਾਂ ਯੂਟੀ ਪ੍ਰਸ਼ਾਸਨ ਅਤੇ ਵਿਭਾਗੀ ਅਧਿਕਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ।
ਰੈਲੀ ਵਿੱਚ ਫੈਡਰੇਸ਼ਨ ਆਫ਼ ਯੂ.ਟੀ. ਐਂਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ, ਫੈਡਰੇਸ਼ਨ ਆਫ਼ ਸੈਕਟਰ ਵੈਲਫੇਅਰ ਐਸੋਸੀਏਸ਼ਨ, ਗ੍ਰਾਮ ਪੰਚਾਇਤਾਂ ਦੇ ਆਗੂਆਂ, ਨੌਜਵਾਨ ਸਭਾਵਾਂ ਦੇ ਆਗੂਆਂ ਅਤੇ ਯੂ.ਟੀ. ਤੇ ਐੱਮ.ਸੀ. ਚੰਡੀਗੜ੍ਹ ਦੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੇ ਆਗੂਆਂ ਨੇ ਹਿੱਸਾ ਲਿਆ ਅਤੇ ਨਿੱਜੀਕਰਨ ਖ਼ਿਲਾਫ਼ ਜੰਗ ਲੜਨ ਦਾ ਅਹਿਦ ਲਿਆ।
ਯੂਨੀਅਨ ਅਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਤੇ ਯੂਨੀਅਨ ਦੇ ਪ੍ਰਧਾਨ ਇੰਜਨੀਅਰ ਧਿਆਨ ਸਿੰਘ ਨੇ ਕਿਹਾ ਕਿ ਅੱਜ ਦੀ ਇਹ ਰੈਲੀ ਬਿਜਲੀ ਵਿਭਾਗ ਦੇ ਨਿੱਜੀਕਰਨ ਖਿਲਾਫ਼, ਬਿਜਲੀ ਸੋਧ ਬਿੱਲ-2021 ਨੂੰ ਰੱਦ ਕਰਨ, ਨਿਜੀਕਰਨ ਦੇ ਦਸਤਾਵੇਜ਼ ਸਟੈਂਡਰਡ ਬਿਡਿੰਗ ਡਾਕੂਮੈਂਟ ਖ਼ਤਮ ਕਰਵਾਉਣ ਅਤੇ ਸੁਚਾਰੂ ਰੂਪ ਵਿੱਚ ਚੱਲ ਰਹੇ ਬਿਜਲੀ ਵਿਭਾਗ ਨੂੰ ਵੇਚਣ ਲਈ ਟੈਂਡਰ ਪ੍ਰਕਿਰਿਆ ਨੂੰ ਖ਼ਤਮ ਕਰਵਾਉਣ ਲਈ ਕੀਤੀ ਗਈ।
ਉਨ੍ਹਾਂ ਕਿਹਾ ਕਿ 200 ਕਰੋੜ ਰੁਪਏ ਤੋਂ ਵੀ ਵੱਧ ਮੁਨਾਫ਼ੇ ਵਿੱਚ ਚੱਲ ਰਹੇ ਚੰਡੀਗੜ੍ਹ ਬਿਜਲੀ ਵਿਭਾਗ ਨੂੰ ਸਰਕਾਰ ਨੇ ਵੇਚਣ ਦੀ ਜਿੱਦ ਫੜੀ ਹੋਈ ਹੈ। ਸਰਕਾਰ ਵੱਲੋਂ ਇਹ ਕਦਮ ਪੂੰਜੀਪਤੀਆਂ ਨੂੰ ਫ਼ਾਇਦਾ ਪਹੁੰਚਣ ਲਈ ਚੁੱਕਿਆ ਜਾ ਰਿਹਾ ਹੈ ਜਦਕਿ ਚੰਡੀਗੜ੍ਹ ਦੇ ਲੋਕ ਅਜਿਹਾ ਹਰਗਿਜ਼ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਪਬਲਿਕ ਅਤੇ ਮੁਲਾਜ਼ਮਾਂ ਦੇ ਹਿਤਾਂ ਨਾਲ ਖਿਲਵਾੜ ਕਰ ਰਹੀ ਹੈ। ਸੀਟੂ ਦੇ ਪ੍ਰਧਾਨ ਕੁਲਦੀਪ ਸਿੰਘ, ਆਰ.ਐਸ. ਗਿੱਲ, ਫੈਡਰੇਸ਼ਨ ਦੇ ਪ੍ਰਧਾਨ ਰਘੁਬੀਰ ਚੰਦ, ਪਾਵਰਮੈਨ ਯੂਨੀਅਨ ਆਗੂ ਅਮਰੀਕ ਸਿੰਘ ਅਤੇ ਸੁਖਵਿੰਦਰ ਸਿੰਘ ਸਿੱਧੂ ਨੇ ਨਿੱਜੀਕਰਨ ਦੇ ਫ਼ੈਸਲੇ ਦੀ ਨਿਖੇਧੀ ਕੀਤੀ। ਆਗੂਆਂ ਕਿਹਾ ਕਿ ਜੇਕਰ ਸਰਕਾਰ ਨੇ ਆਪਣੇ ਫ਼ੈਸਲੇ ਨੂੰ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦੇ ਸਮੁੱਚੇ ਮੁਲਾਜ਼ਮ ਅਤੇ ਸ਼ਹਿਰੀ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ।
ਨਿੱਜੀਕਰਨ ਲਈ ਛੇ ਕੰਪਨੀਆਂ ਨੇ ਟੈਂਡਰ ਭਰੇ
ਚੰਡੀਗੜ੍ਹ (ਟਨਸ): ਚੰਡੀਗੜ੍ਹ ਬਿਜਲੀ ਵਿਭਾਗ ਦੇ ਨਿੱਜੀਕਰਨ ਲਈ ਯੂਟੀ ਪ੍ਰਸ਼ਾਸਨ ਦੇ ਸੱਦੇ ’ਤੇ 6 ਕੰਪਨੀਆਂ ਅੱਗੇ ਆਈਆਂ ਹਨ। ਇਨ੍ਹਾਂ ਨੇ ਬਿਜਲੀ ਵਿਭਾਗ ਦੇ ਨਿੱਜੀਕਰਨ ਲਈ ਟੈਂਡਰ ਭਰੇ ਹਨ ਜਦਕਿ ਟੈਂਡਰ ਭਰਨ ਲਈ 20 ਕੰਪਨੀਆਂ ਨੇ ਫਾਰਮ ਖਰੀਦੇ ਸਨ। ਟੈਂਡਰ ਭਰਨ ਵਾਲੀਆਂ ਕੰਪਨੀਆਂ ਵਿੱਚ ਅਡਾਨੀ ਟਰਾਂਸਮਿਸ਼ਨ, ਟਾਟਾ ਪਾਵਰ, ਟੋਰੈਂਟ ਪਾਵਰ, ਸਟਰਲਾਈਟ ਪਾਵਰ, ਰੀਨਿਊ ਵਿੰਗ ਐਨਰਜੀ, ਐੱਨਈਐੱਸਸੀਐੱਲ (ਐੱਨਟੀਪੀਸੀ) ਸ਼ਾਮਲ ਹਨ। ਕੇਂਦਰ ਸਰਕਾਰ ਨੇ ਬਿਜਲੀ ਵਿਭਾਗ ਦੇ ਨਿਜੀਕਰਨ ਯੋਜਨਾ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਕੀਤੀ ਹੈ। ਇਸ ਲਈ ਪਾਵਰ ਫਾਈਨਾਂਸ ਕਾਰਪੋਰੇਸ਼ਨ (ਪੀਐੱਫਸੀ) ਨੇ ਡਾਇਲਟ ਕੰਪਨੀ ਨੂੰ ਚੰਡੀਗੜ੍ਹ ਬਿਜਲੀ ਵਿਭਾਗ ਦੇ ਨਿੱਜੀਕਰਨ ਲਈ ਕੰਸਲਟੈਂਟ ਨਿਯੁਕਤ ਕੀਤਾ ਹੈ।