ਸਮਾਣਾ: ਪਿੰਡ ਰਾਜਲਾ ਰੋਡ ’ਤੇ ਸਥਿਤ ਡੇਰੇ ਵਿੱਚ ਇਕ ਨਵ-ਵਿਆਹੁਤਾ ਨੇ ਪਿਛਲੇ ਦਿਨੀਂ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਆਤਮਹੱਤਿਆ ਕਰ ਲਈ ਹੈ। ਸਦਰ ਪੁਲੀਸ ਨੇ ਮ੍ਰਿਤਕਾ ਦੀ ਮਾਤਾ ਦੇ ਬਿਆਨਾਂ ਅਨੁਸਾਰ ਪਤੀ, ਸੱਸ ਅਤੇ ਚਾਚੀ ਸੱਸ ਖ਼ਿਲਾਫ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੁਲੀਸ ਮੁਖੀ ਮਹਿਮਾ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਅਮਨਦੀਪ ਕੌਰ (27) ਦੀ ਮਾਤਾ ਗੁਰਜਿੰਦਰ ਕੌਰ ਅਨੁਸਾਰ ਕਰੀਬ ਡੇਢ ਸਾਲ ਪਹਿਲਾਂ ਉਨ੍ਹਾਂ ਨੇ ਆਪਣੀ ਲੜਕੀ ਦਾ ਵਿਆਹ ਪਿੰਡ ਰਾਜਲਾ ਡੇਰਾ ਦੇ ਅੰਮ੍ਰਿਤਪਾਲ ਸਿੰਘ ਨਾਲ ਕੀਤਾ ਸੀ। ਉਨ੍ਹਾਂ ਨੇ ਆਪਣੀ ਹੈਸੀਅਤ ਅਨੁਸਾਰ ਦਾਜ ਦਿੱਤਾ ਸੀ ਪਰ ਵਿਆਹ ਤੋਂ ਕੁਝ ਮਹੀਨੇ ਬਾਅਦ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਨਾਲ ਉਸ ਦੀ ਕੁੱਟਮਾਰ ਕਰਨ ਲੱਗ ਪਿਆ। ਗੁਆਂਢੀ ਤੇ ਰਿਸ਼ਤੇਦਾਰ ਵੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਇਸ ਤੋਂ ਦੁਖੀ ਹੋ ਕੇ ਉਸ ਨੇ ਦੋ ਜੁਲਾਈ ਨੂੰ ਜ਼ਹਿਰੀਲੀ ਵਸਤੂ ਨਿਗਲ ਲਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਮਾਤਾ ਦੇ ਬਿਆਨਾਂ ਅਨੁਸਾਰ ਪਤੀ ਅੰਮ੍ਰਿਤਪਾਲ ਸਿੰਘ, ਸੱਸ ਅਮਰਜੀਤ ਕੌਰ ਤੇ ਚਾਚੀ ਸੱਸ ਰਾਜ ਕੌਰ ਖ਼ਿਲਾਫ਼ ਕੇਸ ਕੀਤਾ ਗਿਆ ਹੈ। -ਪੱਤਰ ਪ੍ਰੇਰਕ