ਪ੍ਰਭੂ ਦਿਆਲ
ਸਿਰਸਾ, 11 ਅਪਰੈਲ
ਹਰਿਆਣਾ ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਆਪਣੀਆਂ 21 ਸੂਤਰੀ ਮੰਗਾਂ ਨੂੰ ਲੈ ਕੇ ਬਿਜਲੀ ਮੰਤਰੀ ਦੇ ਘਰ ਦਾ ਘੇਰਾਓ ਕਰਨ ਜਾਂਦੇ ਕਰਮਚਾਰੀਆਂ ਨੂੰ ਪੁਲੀਸ ਨੇ ਬਾਬਾ ਭੂਮਣ ਸ਼ਾਹ ਚੌਕ ’ਚ ਰੋਕ ਲਿਆ। ਇਸ ਦੌਰਾਨ ਕਿਸਾਨਾਂ ਨੇ ਕੁਝ ਸਮੇਂ ਲਈ ਧਰਨਾ ਦਿੱਤਾ ਤੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ ਦੇ ਨਿੱਜੀ ਸਕੱਤਰ ਨੂੰ ਮੰਗ ਪੱਤਰ ਸੌਂਪਿਆ।
ਹਰਿਆਣਾ ਸਰਵ ਕਰਮਚਾਰੀ ਸੰਘ ਦੇ ਬੈਨਰ ਹੇਠ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਵਕਰਮਾ ਪਾਰਕ ’ਚ ਇਕੱਠੇ ਹੋਏ ਜਿੱਥੇ ਵੱਖ-ਵੱਖ ਕਰਮਚਾਰੀ ਆਗੂਆਂ ਨੇ ਸਰਕਾਰ ’ਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤੇ ਜਾਣ ਦੇ ਦੋਸ਼ ਲਾਏ। ਮੁਲਾਜ਼ਮਾਂ ਨੇ ਭਾਜਪਾ ਤੇ ਜੇਜੇਪੀ ਵੱਲੋਂ ਚੋਣਾਂ ਦੌਰਾਨ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਨੂੰ ਲਾਗੂ ਕਰਨ ਤੇ ਬਿਜਲੀ ਦੇ ਨਿੱਜੀਕਰਨ ਦੇ ਵਿਰੁੱਧ ਆਪਣੀ ਆਵਾਜ਼ ਨੂੰ ਬੁਲੰਦ ਕੀਤਾ।
ਬੁਲਾਰਿਆਂ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਦੀ ਵੀ ਹਮਾਇਤ ਕੀਤੀ। ਬਾਅਦ ਵਿੱਚ ਕਰਮਚਾਰੀ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਮੰਤਰੀ ਦੇ ਘਰ ਦਾ ਘੇਰਾਓ ਕਰਨ ਲਈ ਚੱਲੇ ਤਾਂ ਪੁਲੀਸ ਨੇ ਪਹਿਲਾਂ ਕਰਮਚਾਰੀਆਂ ਨੂੰ ਬਾਲ ਭਵਨ ਦੇ ਨੇੜੇ ਰੋਕ ਲਿਆ ਪਰ ਕਰਮਚਾਰੀ ਪੁਲੀਸ ਦੀਆਂ ਲਾਈਆਂ ਰੋਕਾਂ ਦੀ ਪਰਵਾਹ ਨਾ ਕਰਦੇ ਹੋਏ ਬਾਬਾ ਭੂਮਣ ਸ਼ਾਹ ਚੌਕ ਪੁੱਜੇ ਜਿੱਥੇ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਬਿਜਲੀ ਮੰਤਰੀ ਦੇ ਘਰ ਨੂੰ ਜਾਣ ਵਾਲੇ ਸਾਰੇ ਰਾਹਾਂ ’ਤੇ ਪੁਲੀਸ ਨੇ ਬੈਰੀਕੇਡ ਲਾ ਦਿੱਤੇ ਤੇ ਭਾਰੀ ਪੁਲੀਸ ਬਲ ਤਾਇਨਾਤ ਕਰ ਦਿੱਤਾ। ਕਾਫ਼ੀ ਦੇਰ ਤੱਕ ਕਰਮਚਾਰੀਆਂ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਧਰਨਾ ਦਿੱਤਾ।