ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਮਾਰਚ
ਪਟਿਆਲਾ ਹਾਊਸ ਅਦਾਲਤ ਵੱਲੋਂ ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਧਾਰਾ 156/3 ਤਹਿਤ ਦਰਜ ਮਾਮਲੇ ਵਿੱਚ ਜਵਾਬਤਲਬੀ ਕਰਦਿਆਂ ਦਿੱਲੀ ਪੁਲੀਸ ਤੋਂ ਹੁਣ ਤੱਕ ਕੀਤੀ ਗਈ ਕਾਰਵਾਈ ਬਾਰੇ ਰਿਪੋਰਟ ਮੰਗੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਪੀਸੀ) ਵੱਲੋਂ ਕੰਗਨਾ ਰਣੌਤ ਖ਼ਿਲਾਫ਼ ਦਾਇਰ ਅਰਜ਼ੀ ’ਤੇ ਸੁਣਵਾਈ ਕਰਦਿਆਂ ਦਿੱਲੀ ਪੁਲੀਸ ਨੂੰ ਹੁਣ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਦੇਣ ਲਈ 24 ਅਪਰੈਲ ਤੱਕ ਦਾ ਸਮਾਂ ਦਿੱਤਾ ਹੈ। ਕੰਗਨਾ ਖ਼ਿਲਾਫ਼ ਦਿੱਲੀ ਕਮੇਟੀ ਨੇ ਦਿੱਲੀ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਜਿਸ ਵਿੱਚ ਕਿਸਾਨਾਂ ਨੂੰ ਅਤਿਵਾਦੀ ਦੱਸ ਕੇ ਕਿਸਾਨਾਂ ਖ਼ਿਲਾਫ਼ ਜ਼ਹਿਰ ਫੈਲਾਉਣ ਤੇ ਫਿਰਕੂ ਸੋਚ ਭੜਕਾਉਣ ਦਾ ਜ਼ਿਕਰ ਕੀਤਾ ਗਿਆ ਸੀ। ਡੀਐੱਸਜੀਪੀਸੀ ਦੇ ਵਕੀਲਾਂ ਨੇ ਦੱਸਿਆ ਕਿ ਪਹਿਲਾਂ ਇਸ ਸਿੱਖ ਸੰਸਥਾ ਨੇ ਕਾਨੂੰਨੀ ਨੋਟਿਸ ਭੇਜ ਕੇ ਅਦਾਕਾਰਾ ਨੂੰ ਉਸ ਵੱਲੋਂ ਵਰਤੀ ਗਈ ਸ਼ਬਦਾਵਲੀ ਲਈ ਮੁਆਫ਼ੀ ਮੰਗਣ ਲਈ ਕਿਹਾ ਸੀ। ਉਸ ਵੱਲੋਂ ਮੁਆਫ਼ੀ ਨਾ ਮੰਗੇ ਜਾਣ ’ਤੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ।