ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਅਗਸਤ
ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਲੰਬੇ ਸਮੇਂ ਤੋਂ ਮਾਮੂਲੀ ਤਨਖਾਹਾਂ ’ਤੇ ਠੇਕਾ ਅਧਾਰਿਤ ਨੌਕਰੀ ਕਰ ਰਹੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਅਣਮਿੱਥੇ ਸਮੇਂ ਲਈ ਆਰੰਭੀ ਹੜਤਾਲ ਲਗਾਤਾਰ ਜਾਰੀ ਹੈ। ਮੁਲਾਜ਼ਮਾਂ ਦੀ ਹੜਤਾਲ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁੱਲ ਠੱਪ ਹੋ ਕੇ ਰਹਿ ਗਏ ਹਨ ਅਤੇ 18 ਲੱਖ ਮਗਨਰੇਗਾ ਮਜ਼ਦੂਰਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ ਹੈ। ਇਸ ਮੌਕੇ ਨਿਰਭੈ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਹੁਣ ਸਰਕਾਰ ਟੱਸ ਤੋਂ ਮੱਸ ਹੁੰਦੀ ਵਿਖਾਈ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸੰਘਰਸ਼ ਨੂੰ ਤੇਜ਼ ਕਰਨ ਲਈ ਤਿਆਰੀਆਂ ਜ਼ੋਰਾਂ ’ਤੇ ਚੱਲ ਰਹੀਆਂ ਹਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੇ ਮੁਲਾਜ਼ਮਾਂ ਦੇ ਹੱਕ ਵਿਚ ਵੱਡੇ ਪੱਧਰ ’ਤੇ ਆਵਾਜ਼ ਬੁਲੰਦ ਕੀਤੀ ਹੈ। ਉਪਰੋਕਤ ਆਗੂਆਂ ਨੇ ਕਿਹਾ ਕਿ ਸੇਵਾਵਾਂ ਰੈਗੂਲਰ ਹੋਣ ਤੱਕ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਨਰਿੰਦਰ ਸਿੰਘ, ਕੁਲਦੀਪ ਸਿੰਘ, ਪ੍ਰੇਮ ਸਿੰਘ, ਰਾਜਿੰਦਰ ਸਿੰਘ, ਅਮਨਦੀਪ ਸਿੰਘ ਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।