ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਜੁਲਾਈ
ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਦੇ ਮੈਂਬਰਾਂ ਦੀ ਇਕੱਤਰਤਾ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮਾਂ ਦੀਆਂ ਮੰਗਾਂ ਮਸਲਿਆਂ ਨੂੰ ਹੱਲ ਕਰਵਾਉਣ ਲਈ 13 ਜੁਲਾਈ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਹਰਭੂਲ ਸਿੰਘ ਅਤੇ ਸੁਰਿੰਦਰਪਾਲ ਨੇ ਮੰਗ ਕੀਤੀ ਕਿ ਮਹਿਕਮੇ ਵਿੱਚ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ, ਠੇਕਾ ਸਿਸਟਮ ਰੱਦ ਕਰ ਕੇ ਬਿਨਾਂ ਸ਼ਰਤ ਪੱਕੀ ਭਰਤੀ ਕੀਤੀ ਜਾਵੇ, ਖਾਲੀ ਅਸਾਮੀਆਂ ਭਰੀਆਂ ਜਾਣ, ਸੇਵਾਮੁਕਤ ਕਰਮਚਾਰੀਆਂ ਨੂੰ 2.49 ਮੁਤਾਬਿਕ ਪੈਨਸ਼ਨਾਂ ਰਿਵਾਈਜ਼ ਕੀਤੀਆਂ ਜਾਣ, ਪੈਨਸ਼ਨ ਦੀ ਸੋਧ ਕਰ ਕੇ ਬਕਾਇਆ ਦਿੱਤਾ ਜਾਵੇ ਤੇ 23 ਸਾਲਾ ਐਡਵਾਂਸ ਇੰਕਰੀਮੈਂਟ ਬਣਦੀ ਬਿਨਾਂ ਸ਼ਰਤ ਲਾਗੂ ਕੀਤਾ ਜਾਵੇ।
ਇਸ ਮੌਕੇ ਸੁਖਦੇਵ ਸਿੰਘ ਮਾਂਗਟ, ਤਰਸੇਮ ਲਾਲ, ਹਰਬੰਸ ਸਿੰਘ, ਰਕੇਸ਼ ਕੁਮਾਰ, ਪ੍ਰੇਮ ਸਿੰਘ, ਹਰਚਰਨ ਸਿੰਘ ਗਰੇਵਾਲ, ਸੁਖਵਿੰਦਰ ਸਿੰਘ, ਗੁਰਮੁੱਖ ਸਿੰਘ, ਪ੍ਰਿਤਪਾਲ ਸਿੰਘ, ਕੁਲਵੰਤ ਸਿੰਘ ਤੇ ਅਵਤਾਰ ਸਿੰਘ ਆਦਿ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।