ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 29 ਅਕਤੂਬਰ
ਖ਼ਾਲਸਾ ਕਾਲਜ, ਪਟਿਆਲਾ ਦੀ ਰੈੱਡ ਕਰਾਸ ਸੁਸਾਇਟੀ ਅਤੇ ਯੂਥ ਕਲੱਬ ਵੱਲੋਂ ਅੱਜ ਕੇਂਦਰੀ ਵਿਜੀਲੈਂਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਬਿਊਰੋ ਪਟਿਆਲਾ, ਰੇਂਜ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਭਾਰਤ ਖੁਸ਼ਹਾਲ ਭਾਰਤ ਦੇ ਤਹਿਤ ਵੈਬਿਨਾਰ ਕੀਤਾ ਗਿਆ। ਵੈਬਿਨਾਰ ਵਿਚ ਮੁੱਖ ਵਕਤਾ ਵਜੋਂ ਵਿਜੀਲੈਂਸ ਵਿਭਾਗ ਤੋਂ ਜਤਿੰਦਰਪਾਲ ਸਿੰਘ ਡੀਐੱਸਪੀ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡੀਐੱਸਪੀ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਅਜਿਹੇ ਮੰਚ ਵੱਡਾ ਰੋਲ ਨਿਭਾਅ ਸਕਦੇ ਹਨ। ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਮਾਜ ਨੂੰ ਜਾਗਰੂਕ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਨੌਜਵਾਨਾਂ ਦੀ ਜਾਗਰੂਕਤਾ ਰਿਸ਼ਵਤ ਮੁਕਤ ਭਾਰਤ ਬਣਾਉਣ ਵਿਚ ਅਹਿਮ ਰੋਲ ਅਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਵੱਧ ਰਹੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਪੜ੍ਹੇ ਲਿਖੇ ਵਰਗ ਨੂੰ ਅੱਗੇ ਆ ਕੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਵੈਬਿਨਾਰ ਦੌਰਾਨ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਭ੍ਰਿਸ਼ਟਾਚਾਰ ਸਮਾਜ ਦੀ ਸਭ ਤੋਂ ਵੱਡੀ ਅਲਾਮਤ ਹੈ ਜੋ ਸਮਾਜ ਨੂੰ ਖੋਖਲਾ ਕਰ ਰਹੀ ਹੈ। ਉਨ੍ਹਾਂ ਜਾਗਰੂਕਤਾ ਹਫਤੇ ਦੌਰਾਨ ਭ੍ਰਿਸ਼ਟਾਚਾਰ ਨਾਲ ਨਜਿੱਠਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਵੈਬਿਨਾਰਾਂ ਵਿਦਿਆਰਥੀਆਂ ਵਿਚ ਚੇਤੰਨਤਾ ਪੈਦਾ ਕਰਦੇ ਹਨ। ਡਾ. ਸਰਬਜੀਤ ਸਿੰਘ ਆਹਲੂਵਾਲੀਆਂ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਵੈਬਿਨਾਰ ਦੌਰਾਨ ਇੰਸਪੈਕਟਰ ਬਿਕਰਮਜੀਤ ਸਿੰਘ ਤੇ ਰਾਜੇਸ਼ ਕੁਮਾਰ ਨੇ ਵੀ ਸ਼ਿਰਕਤ ਕੀਤੀ।