ਜਤਿੰਦਰ ਬੈਂਸ
ਗੁਰਦਾਸਪੁਰ, 24 ਦਸੰਬਰ
ਪੰਜਾਬ ਦੇ ਦੋ ਰੋਜ਼ਾ ਦੌਰੇ ’ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇੱਥੇ ਹਨੂੰਮਾਨ ਚੌਕ ਵਿੱਚ ਪਾਰਟੀ ਵੱਲੋਂ ਕੀਤੀ ਗਈ ਰੈਲੀ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚ ਸੁਰੱਖਿਆ, ਕਾਨੂੰਨ ਵਿਵਸਥਾ, ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਮਜ਼ਬੂਤੀ ਦੀ ਗਾਰੰਟੀ ਦਿੰਦਿਆਂ ਪੰਜ ਵਾਅਦੇ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਵਿੱਚ ਭਰਤੀਆਂ, ਬਦਲੀਆਂ ਅਤੇ ਤਾਇਨਾਤੀਆਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਪੁਲੀਸ ਵਿੱਚ ਸਿਆਸੀ ਦਖ਼ਲਅੰਦਾਜ਼ੀ ਨੂੰ ਪੁੂਰੀ ਤਰ੍ਹਾਂ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਦੂਸਰੇ ਵਾਅਦੇ ਵਿੱਚ ਗੁਰੂ ਗ੍ਰੰਥ ਸਾਹਿਬ ਸਮੇਤ ਹੋਰਨਾਂ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਦੇ ਸਾਰੇ ਮਾਮਲਿਆਂ ਵਿੱਚ ਸੰਗਤ ਨੂੰ ਇਨਸਾਫ਼ ਅਤੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦਾ ਭਰੋਸਾ ਦਿੱਤਾ। ਤੀਜਾ ਅਤੇ ਚੌਥਾ ਵਾਅਦਾ ਸਰਹੱਦ ਪਾਰ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਸ਼ਕਤੀ ਨਾਲ ਕੁਚਲਨ ਬਾਰੇ ਕੀਤਾ। ਪੰਜਵਾਂ ਵਾਅਦਾ ਕਰਦਿਆਂ ਕੇਜਰੀਵਾਲ ਨੇ ਐਲਾਨ ਕੀਤਾ ਕਿ ਮੰਦਰ, ਮਸਜਿਦ, ਗਿਰਜਾਘਰਾਂ ਅਤੇ ਗੁਰਦੁਆਰਿਆਂ ਸਮੇਤ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਇਕ ਵੱਖਰੇ ਪੁਲੀਸ ਫੋਰਸ ਦਾ ਗਠਨ ਕੀਤਾ ਜਾਵੇਗਾ। ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਨਹੀਂ ਚਾਹੁੰਦੇ ਹਨ ਕਿ ਪੰਜਾਬ ਦੀ ਸਿੱਖਿਆ ਵਿਵਸਥਾ ਸੁਧਰੇ, ਇਸ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਵਰਲਡ ਕਲਾਸ ਹੋਣ ਦਾ ਝੂਠਾ ਦਾਅਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨੂੰ 24 ਘੰਟੇ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾਵੇਗੀ।
ਚੋਣਾਂ ਤੋਂ ਪਹਿਲਾਂ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇੇਜਰੀਵਾਲ ਨੇ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਸਾਜ਼ਿਸ਼ ਤਹਿਤ ਪੰਜਾਬ ਵਿੱਚ ਡਰ, ਭੈਅ ਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ। ਇਥੇ ਦੋ ਰੋਜ਼ਾ ਪੰਜਾਬ ਦੌਰੇ ’ਤੇ ਕੇਜਰੀਵਾਲ ਨੇ ਸਥਾਨਕ ਹਵਾਈ ਅੱਡੇ ’ਤੇ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਿੱਚ ਅਸਫ਼ਲ ਸਾਬਤ ਹੋਈ ਹੈ।