ਮੁੰਬਈ, 31 ਮਈ
ਮਹਾਰਾਸ਼ਟਰ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਦੇਵੇਂਦਰ ਫੜਨਵੀਸ ਨੇ ਅੱਜ ਇੱਥੇ ਨੈਸ਼ਨਲ ਕਾਂਗਰਸ ਪਾਰਟੀ (ਐੱਨਸੀਪੀ) ਮੁਖੀ ਸ਼ਰਦ ਪਵਾਰ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੀਟਿੰਗ ਕੀਤੀ। ਪਵਾਰ (80) ਨੇ ਸਰਜਰੀ ਤੋਂ ਉਭਰਨ ਮਗਰੋਂ ਸਰਗਰਮੀਆਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਐੱਨਸੀਪੀ ਮੁਖੀ ਨੂੰ ਮਿਲਣ ਮਗਰੋਂ ਭਾਜਪਾ ਆਗੂ ਫੜਨਵੀਸ ਨੇ ਟਵੀਟ ਕੀਤਾ ਕਿ ਇਹ ਇੱਕ ਸ਼ਿਸ਼ਟਾਚਾਰ ਮੀਟਿੰਗ ਸੀ। ਪਵਾਰ, ਜਿਨ੍ਹਾਂ ਦੀ ਪਾਰਟੀ ਸ਼ਿਵ ਸੈਨਾ ਅਤੇ ਕਾਂਗਰਸ ਨਾਲ ਰਲ ਕੇ ਮਹਾਰਾਸ਼ਟਰ ਵਿੱਚ ਸਰਕਾਰ ਚਲਾ ਰਹੀ ਹੈ, ਨੇ ਹਾਲ ਹੀ ਵਿੱਚ ਪਿੱਤੇ ਦਾ ਆਪਰੇਸ਼ਨ ਕਰਵਾਇਆ ਸੀ।
ਇਹ ਮੀਟਿੰਗ ਸੁਪਰੀਮ ਕੋਰਟ ਦੇ ਮਰਾਠਿਆਂ ਨੂੰ ਰਾਖਵਾਂਕਰਨ ਦਿੰਦਾ ਕਾਨੂੰਨ ਰੱਦ ਕੀਤੇ ਜਾਣ ਦੇ ਫ਼ੈਸਲੇ ਤੋਂ ਬਾਅਦ ਕੀਤੀ ਗਈ ਹੈ। ਭਾਜਪਾ ਦੀ ਮਰਾਠਾ ਰਾਖਵਾਂਕਰਨ ਦੇ ਮੁੱਦੇ ਦੇ ਸਬੰਧ ਵਿੱਚ ਪੰਜ ਜੂਨ ਨੂੰ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ। ਫੜਨਵੀਸ ਨੇ ਕਰੋਨਾ ਨਾਲ ਸਹੀ ਢੰਗ ਨਾਲ ਨਾ ਨਜਿੱਠਣ ਕਾਰਨ ਊਧਵ ਠਾਕਰੇ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਆਲੋਚਨਾ ਵੀ ਕੀਤੀ ਸੀ। -ਪੀਟੀਆਈ