ਨਿੱਜੀ ਪੱਤਰ ਪ੍ਰੇਰਕ
ਮੋਗਾ, 3 ਸਤੰਬਰ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਮੋਗਾ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਅਕਾਲੀ ਦਲ ਦੇ ਇਸ ਲਾਠੀਚਾਰਜ ਨੂੰ ਕਾਂਗਰਸ ਅਤੇ ‘ਆਪ’ ਦੀ ਸਾਜ਼ਿਸ਼ ਦੱਸਣ ਵਾਲੇ ਬਿਆਨ ਨੂੰ ਰਾਮੂਵਾਲੀਆ ਨੇ ਹਾਸੋਹੀਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਦੇ ਵਿਰੋਧ ਦੌਰਾਨ ਕਿਸਾਨਾਂ ਦੀ ਅਗਵਾਈ ਕਰਨ ਵਾਲੇ ਆਗੂ ਨਿਰਭੈ ਸਿੰਘ ਢੁੱਡੀਕੇ ਕਈ ਦਹਾਕਿਆਂ ਤੋਂ ਲੋਕ ਹਿੱਤਾਂ ਨੂੰ ਪ੍ਰਣਾਏ ਆਗੂ ਹਨ। ਉਨ੍ਹਾਂ ਵੱਲੋਂ ਤੰਗੀਆਂ ਤੁਰਸ਼ੀਆਂ ਦੇ ਬਾਵਜੂਦ ਇਨਕਲਾਬੀ ਸੋਚ ’ਤੇ ਪਹਿਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਹਮਦਰਦੀ ਪ੍ਰਗਟਾਉਣ ਅਤੇ ਮੁਆਫ਼ੀ ਮੰਗਣ ਦੀ ਜਗ੍ਹਾ ਇਸ ਕਾਰਵਾਈ ਲਈ ਕਾਂਗਰਸ ਅਤੇ ‘ਆਪ’ ਨੂੰ ਜ਼ਿੰਮੇਵਾਰ ਠਹਿਰਾ ਦਿੱਤਾ। ਉਨ੍ਹਾਂ ਕੇਂਦਰ ਸਰਕਾਰ ਤੋਂ ਪਿਛਲੇ ਦਸ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ।