ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 5 ਅਗਸਤ
ਇਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਤੋਂ ਬਾਅਦ ਹੈਰਾਨੀਜਨਕ ਖੁਲਾਸੇ ਹੋਏ ਹਨ। ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਜੇਲ੍ਹ ਵਿੱਚ ਨਜ਼ਰਬੰਦ 2333 ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕਰਵਾਏ ਗਏ ਸਨ ਜਿਨ੍ਹਾਂ ਵਿੱਚੋਂ 1064 ਕੈਦੀਆਂ ਤੇ ਹਵਾਲਾਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ ਜਿਸ ਨਾਲ ਸਪਸ਼ਟ ਹੋ ਗਿਆ ਹੈ ਕਿ ਇਹ ਕੈਦੀ ਤੇ ਹਵਾਲਾਤੀ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਦੇ ਹਨ। ਕੇਂਦਰੀ ਮਾਡਰਨ ਜੇਲ੍ਹ ਵਿੱਚ ਨਜ਼ਰਬੰਦ ਵਿਅਕਤੀਆਂ ਦੀਆਂ ਸਿਹਤ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਇਕ ਹਸਪਤਾਲ ਵੀ ਸਥਾਪਤ ਕੀਤਾ ਗਿਆ ਹੈ। ਇਸੇ ਹਸਪਤਾਲ ਦੇ ਅਮਲੇ ਵੱਲੋਂ ਡੋਪ ਟੈਸਟ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ। ਫਰੀਦਕੋਟ ਦੇ ਸਿਵਲ ਸਰਜਨ ਡਾ. ਸੰਜੇ ਕਪੂਰ ਨੇ ਡੋਪ ਟੈਸਟਾਂ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਵਿੱਚ ਨਜ਼ਰਬੰਦ ਜਿਹੜੇ ਹਵਾਲਾਤੀ ਅਤੇ ਕੈਦੀ ਨਸ਼ੇ ਤੋਂ ਪੀੜਤ ਹਨ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਜਾਵੇਗੀ ਅਤੇ ਸਿਹਤ ਵਿਭਾਗ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਵੇਗਾ ਤਾਂ ਕਿ ਉਹ ਨਸ਼ੇ ਛੱਡ ਸਕਣ। ਇਹ ਜੇਲ੍ਹ ਨਸ਼ੇ ਦੀ ਤਸਕਰੀ ਕਰਕੇ ਲਗਾਤਾਰ ਵਿਵਾਦਾਂ ਵਿੱਚ ਰਹੀ ਹੈ। ਸਿਹਤ ਵਿਭਾਗ ਵੱਲੋਂ ਕਰਵਾਏ ਗਏ ਡੋਪ ਟੈਸਟ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ 165 ਔਰਤਾਂ ਦੇ ਡੋਪ ਟੈਸਟ ਵੀ ਪਾਜ਼ੇਟਿਵ ਆਏ ਹਨ।