ਚੰਡੀਗੜ੍ਹ, 24 ਦਸੰਬਰ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਹਾਲ ਹੀ ਵਿਚ ਹੋਏ ਬੇਅਦਬੀ ਦੇ ਮਾਮਲਿਆਂ ਅਤੇ ਲੁਧਿਆਣਾ ਬੰਬ ਧਮਾਕੇ ਪਿੱਛੇ ਕੋਈ ਵੱਡੀ ਸਾਜ਼ਿਸ਼ ਹੋਣ ਦਾ ਖ਼ਦਸ਼ਾ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ ਵਿਚ ਰਾਜ ਕਰ ਰਹੀ ਕਮਜ਼ੋਰ ਸਰਕਾਰ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਵਿਚ ਅਸਫ਼ਲ ਸਾਬਿਤ ਹੋਈ ਹੈ।
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਜੋ ਕਿ ਪੰਜਾਬ ਦੌਰੇ ਉੱਤੇ ਹਨ, ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਨੂੰ ਇਕ ਸਿਆਸੀ ਪੈਂਤੜਾ ਕਰਾਰ ਦਿੱਤਾ। ਅੰਮ੍ਰਿਤਸਰ ਵਿਚ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਕੇਜਰੀਵਾਲ ਨੇ ਕਿਹਾ, ”ਕੁਝ ਦਿਨ ਪਹਿਲਾਂ ਬੇਅਦਬੀ ਦੀਆਂ ਘਟਨਾਵਾਂ ਵਾਪਰਨ ਤੋਂ ਬਾਅਦ ਹੁਣ ਲੁਧਿਆਣਾ ਵਿਚ ਬੰਬ ਧਮਾਕਾ। ਚੋਣਾਂ ਤੋਂ ਪਹਿਲਾਂ ਸੂਬੇ ਵਿਚ ਅਜਿਹੀਆਂ ਘਟਨਾਵਾਂ ਵਾਪਰਨਾ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ। ਇਹ ਕੁਝ ਕੁ ਲੋਕਾਂ ਦਾ ਕੀਤਾ ਹੈ।” ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਉੱਤੇ ਪੂਰਾ ਭਰੋਸਾ ਹੈ ਕਿ ਉਹ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਨੂੰ ਮਾਤ ਦੇਣਗੇ।
ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ, ”ਪੰਜਾਬ ਵਿਚ ਇਕ ਕਮਜ਼ੋਰ ਸਰਕਾਰ ਹੈ। ਉਹ (ਕਾਬਜ਼ ਧਿਰ ਦੇ ਆਗੂ) ਆਪਸ ਵਿਚ ਹੀ ਲੜ ਰਹੇ ਹਨ। ਪੰਜਾਬ ਨੂੰ ਇਕ ਇਮਾਨਦਾਰ ਤੇ ਮਜ਼ਬੂਤ ਸਰਕਾਰ ਦੀ ਲੋੜ ਹੈ ਜੋ ਕਿ ਇਨ੍ਹਾਂ ਸਾਜ਼ਿਸ਼ਾਂ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕੇ।” ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਕਿਸੇ ਰਸੂਖਵਾਨ ਵਿਅਕਤੀ ਨੇ ਤਣਾਅ ਪੈਦਾ ਕਰਨ ਦੇ ਮਕਸਦ ਨਾਲ ਭੇਜਿਆ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿਚ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਅਜਿਹੀਆਂ ਘਟਨਾਵਾਂ ਉਦੋਂ ਤੱਕ ਹੁੰਦੀਆਂ ਰਹਿਣਗੀਆਂ ਜਦੋਂ ਤੱਕ ਕਿ ਸੂਬੇ ਵਿਚ ਇਕ ਮਜ਼ਬੂਤ ਸਰਕਾਰ ਨਹੀਂ ਬਣ ਜਾਂਦੀ।
ਉਨ੍ਹਾਂ ਪੰਜਾਬ ਵਿਚ ਨਸ਼ਿਆਂ ਨੂੰ ਨੱਥ ਨਾ ਪਾ ਸਕਣ ਲਈ ਵੀ ਪੰਜਾਬ ਸਰਕਾਰ ਨੂੰ ਭੰਡਿਆ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਮਗਰੋਂ ਪੰਜਾਬ ਵਿਚ ਇਕ ਇਮਾਨਦਾਰ, ਮਜ਼ਬੂਤ ਅਤੇ ਸਥਿਰ ਸਰਕਾਰ ਦੇਣ ਦਾ ਵਾਅਦਾ ਕੀਤਾ ਜੋ ਕਿ ਦੋਸ਼ੀਆਂ ਨੂੰ ਸਜ਼ਾ ਦੇੇਵੇਗੀ। -ਪੀਟੀਆਈ