ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 23 ਦਸੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਹੜੀ ਸਿੱਖ ਸੰਗਤ ਨੇ ਇਨ੍ਹਾਂ ਆਗੂਆਂ ਨੂੰ ਗੁਰਧਾਮਾਂ ਦੀ ਸੇਵਾ ਸੌਂਪੀ ਉਹ ਪੰਥ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਰਹੇ ਹਨ ਜੋ ਕਿ ਬਹੁਤ ਮੰਦਭਾਗਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਵੋਕੇਟ ਧਾਮੀ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ਦੀ ਯਾਦ ਵਿਚ ਲੱਗਦੇ ਸਾਲਾਨਾ ਜੋੜ ਮੇਲ ਦੇ ਦੂਜੇ ਦਿਨ ਨਤਮਸਤਕ ਹੋਣ ਉਪਰੰਤ ਕੀਤਾ। ਉਨ੍ਹਾਂ ਕਿਸੇ ਸ਼੍ਰੋਮਣੀ ਕਮੇਟੀ ਮੈਂਬਰ ਜਾਂ ਕਿਸੇ ਸਿਆਸੀ ਪਾਰਟੀ ਦਾ ਨਾਮ ਲਏ ਬਿਨਾਂ ਕਿਹਾ ਕਿ ਕਾਂਗਰਸ ਤਾਂ ਪਹਿਲਾਂ ਹੀ ਸਿੱਧੇ ਤੌਰ ’ਤੇ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਸਿੱਧੇ ਤੌਰ ’ਤੇ ਦਖ਼ਲਅੰਦਾਜ਼ੀ ਕਰਦੀ ਰਹੀ ਹੈ ਪਰ ਹੁਣ ਫਿਰਕੂ ਤਾਕਤਾਂ ਵੀ ਸਰਗਰਮ ਹਨ ਜੋ ਸਾਡੇ ਧਾਰਮਿਕ ਕਾਰਜਾਂ ਵਿਚ ਸੇਧ ਲਗਾਉਣੀਆਂ ਚਾਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਕੁਝ ਸ਼੍ਰੋਮਣੀ ਕਮੇਟੀ ਮੈਂਬਰ ਅਜਿਹੀਆਂ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ ਜੋ ਕਦੇ ਵੀ ਨਹੀਂ ਚਾਹੁੰਦੀਆਂ ਕਿ ਸਿੱਖ ਕੌਮ ਪ੍ਰਫੁਲਿਤ ਹੋਵੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਸਿੱਖਾਂ ਤੇ ਪੰਜਾਬੀਆਂ ਨੇ ਦਿੱਤੀਆਂ ਪਰ ਇਸ ਦਾ ਸਿਹਰਾ ਕਾਂਗਰਸ ਪਾਰਟੀ ਲੈ ਗਈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਬੇਅਦਬੀ ਦੀ ਘਟਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਪਿੱਛੇ ਜੋ ਵੀ ਤਾਕਤਾਂ ਹਨ ਉਹ ਬੇਨਕਾਬ ਹੋਣੀਆਂ ਚਾਹੀਦੀਆਂ ਹਨ ਅਤੇ ਸਾਨੂੰ ਸਿੱਖ ਸੰਗਤ ਨੂੰ ਵੀ ਇਸ ਘਟਨਾ ਤੋਂ ਬਾਅਦ ਸੁਚੇਤ ਹੋਣ ਦੀ ਲੋੜ ਹੈ ਅਤੇ ਗੁਰੂ ਘਰਾਂ ਵਿਚ ਪਹਿਰੇ ਤੇ ਸੇਵਾਦਾਰ ਵਧਾ ਦੇਣੇ ਚਾਹੀਦੇ ਹਨ ਤਾਂ ਜੋ ਅੱਗੇ ਤੋਂ ਅਜਿਹੀ ਕੋਈ ਮੰਦਭਾਗੀ ਘਟਨਾ ਨਾ ਵਾਪਰੇ। ਪੰਜਾਬ ਵਿਚ ਵਧ ਰਹੇ ਡੇਰਾਵਾਦ ਅਤੇ ਵੱਖ-ਵੱਖ ਸੰਪਰਦਾਵਾਂ ਦੀਆਂ ਮਰਿਯਾਦਾਵਾਂ ਅਤੇ ਪ੍ਰੰਪਰਾਵਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਮੰਨਿਆ ਕਿ ਬੇਸ਼ੱਕ ਸਭ ਵੱਖ-ਵੱਖ ਹਨ ਪਰ ਸਾਰੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੀ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੀ ਪੰਥਕ ਮਰਿਯਾਦਾ ਇੱਕੋ ਹੀ ਹੈ ਅਤੇ ਉਹ ਸਮਾਂ ਜਲਦ ਆਵੇਗਾ ਕਿ ਸਾਰੀਆਂ ਸੰਪਰਦਾਵਾਂ ਇਸ ਨੂੰ ਮੰਨਣਗੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਸਾਡਾ ਚੋਣ ਕਮਿਸ਼ਨ ਬਣ ਚੁੱਕਿਆ ਹੈ ਅਤੇ ਜਿਸ ਹਿਸਾਬ ਨਾਲ ਕੁਝ ਸਿਆਸੀ ਪਾਰਟੀਆਂ ਢੰਗ ਤਰੀਕੇ ਅਪਣਾ ਰਹੀਆਂ ਹਨ ਚੋਣਾਂ ਜਲਦ ਹੋਣ ਦੇ ਅਸਾਰ ਹਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਐਡਵੋਕੇਟ ਧਾਮੀ ਦਾ ਸਵਾਗਤ ਕੀਤਾ।