ਨਵੀਂ ਦਿੱਲੀ, 5 ਅਗਸਤ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਹਾਲਾਤ ਬਾਰੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਭਾਰਤ ਵਿੱਚ ਲੋਕਤੰਤਰ ਮਰ ਰਿਹਾ ਹੈ ਅਤੇ ਇੱਥੇ ਸਿਰਫ਼ 4 ਵਿਅਕਤੀਆਂ ਦੀ ਤਾਨਾਸ਼ਾਹੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ‘ਨੈਸ਼ਨਲ ਹੈਰਾਲਡ’ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਅਸਿੱਧੇ ਤੌਰ ‘ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਜੋ ਡਰਦਾ ਹੈ ਉਹ ਸਿਰਫ ਧਮਕੀਆਂ ਦਿੰਦਾ ਹੈ ਅਤੇ ਗਾਂਧੀ ਪਰਿਵਾਰ ਵਿਚਾਰਧਾਰਾ ਲਈ ਲੜਦਾ ਹੈ। ਇਸ ਲਈ ਉਨ੍ਹਾਂ ‘ਤੇ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਵੱਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗਾਂਧੀ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਦੀ ਹਰ ਸੰਸਥਾ ‘ਤੇ ਰਾਸ਼ਟਰੀ ਸੋਇਮ ਸੇਵਕ ਸੰਘ ਅਤੇ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਹੈ ਅਤੇ ਸੰਸਥਾਵਾਂ ਦੇ ਸੁਤੰਤਰ ਨਾ ਹੋਣ ਕਾਰਨ ਵਿਰੋਧੀ ਧਿਰ ਦੇ ਸੰਘਰਸ਼ ਦਾ ਉਹ ਅਸਰ ਨਜ਼ਰ ਨਹੀਂ ਆ ਰਿਹਾ ਰਿਹਾ, ਜੋ ਨਜ਼ਰ ਆਉਣਾ ਚਾਹੀਦਾ ਹੈ।