ਪ੍ਰਭੂ ਦਿਆਲ
ਸਿਰਸਾ, 3 ਜੁਲਾਈ
ਭਾਰਤੀ ਕਮਿਊਨਿਸਟ ਪਾਰਟੀ ਹਲਕਾ ਰਾਣੀਆਂ ਕਮੇਟੀ ਦੀ ਮੀਟਿੰਗ ਰਾਣੀਆਂ ਸਥਿਤ ਬਾਬਾ ਬੰਤਾ ਸਿੰਘ ਭਵਨ ਵਿੱਚ ਜੋਗਿੰਦਰ ਸਿੰਘ ਦਮਦਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮੌਜੂਦਾ ਰਾਜਨੀਤਿਕ ਹਾਲਾਤਾਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰ ਮੁਹੰਮਦ ਜ਼ੁਬੈਰ ਤੇ ਤੀਸਤਾ ਸੀਤਲਵਾੜ ਦੀ ਰਿਹਾਈ ਤੇ ਅਗਨੀਪਥ ਯੋਜਨਾ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ। ਮੀਟਿੰਗ ਦੌਰਾਨ ਸਵਰਨ ਸਿੰਘ ਵਿਰਕ ਨੇ ਕਿਹਾ ਕਿ ਭਾਜਪਾ ਆਗਾਮੀ 2024 ਦੀਆਂ ਚੋਣਾਂ ਦੇ ਮੱਦੇਨਜ਼ਰ ਲੋਕਾਂ ’ਚ ਫਿਰਕਾਪਰਸਤੀ ਤੇ ਆਪਸੀ ਫੁੱਟ ਪਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀ ਹੈ। ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਸਰਕਾਰ ਨੇ ਕਿਸਾਨ ਅੰਦੋਲਨ ਨੂੰ ਮੁਲਤਵੀ ਕੀਤੇ ਜਾਣ ਸਮੇਂ ਕਿਸਾਨ ਆਗੂਆਂ ਨਾਲ ਕੀਤੇ ਕਿਸੇ ਵੀ ਵਾਅਦੇ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਹੈ, ਜਿਸ ਕਰਕੇ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਮੁੜ ਤੋਂ ਅੰਦੋਲਨ ਨੂੰ ਤਿੱਖਾ ਕੀਤਾ ਜਾ ਰਿਹਾ ਹੈ। 31 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਸਵੇਰੇ 11 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ’ਤੇ ਲਛਮਣ ਸਿੰਘ ਸ਼ੇਖਾਵਤ, ਤਿਲਕ ਰਾਜ ਵਿਨਾਇਕ, ਰੇਸ਼ਮ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ, ਬਾਬਾ ਬਲਵੰਤ ਸਿੰਘ ਸਮੇਤ ਕਈ ਪਾਰਟੀ ਆਗੂ ਤੇ ਕਾਰਕੁਨ ਮੌਜੂਦ ਸਨ।