ਦਰਸ਼ਨ ਸਿੰਘ ਸੋਢੀ
ਮੁਹਾਲੀ, 3 ਸਤੰਬਰ
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਛੋਟੇ ਭਰਾ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ ਮੁਹਾਲੀ ਦੀ ਜੂਹ ਵਿੱਚ ਪਿੰਡ ਬਲੌਂਗੀ ਦੀ 10 ਏਕੜ ਤੋਂ ਵੱਧ ਸ਼ਾਮਲਾਤ ਜ਼ਮੀਨ ਨੂੰ ਪਟੇ ’ਤੇ ਲੈ ਕੇ ‘ਬਾਲ ਗੋਪਾਲ ਗਊ ਬਸੇਰਾ ਵੈਲਫੇਅਰ ਸੁਸਾਇਟੀ’ (ਗਊਸ਼ਾਲਾ) ਬਣਾਉਣ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ। ਅਦਾਲਤ ਨੇ ਪੰਜਾਬ ਸਰਕਾਰ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਸਮੇਤ ਬਲੌਂਗੀ ਦੀ ਗਰਾਮ ਪੰਚਾਇਤ ਅਤੇ ਗਊਸ਼ਾਲਾ ਦੇ ਟਰੱਸਟੀਆਂ ਅਤੇ ਹੋਰਾਂ ਨੂੰ ਨੋਟਿਸ ਜਾਰੀ ਕਰਕੇ 25 ਨਵੰਬਰ ਤੱਕ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਹਾਈ ਕੋਰਟ ਵੱਲੋਂ ਇਹ ਕਾਰਵਾਈ ਪਿੰਡ ਬਲੌਂਗੀ ਦੇ ਸਾਬਕਾ ਪੰਚ ਕੇਸਰ ਸਿੰਘ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ ਗਈ ਹੈ। ਕੇਸਰ ਸਿੰਘ ਨੇ ਸੀਨੀਅਰ ਵਕੀਲ ਪਰਵਿੰਦਰ ਸਿੰਘ ਦੇ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਬਲੌਂਗੀ ਪੰਚਾਇਤ ਵੱਲੋਂ 10 ਏਕੜ 4 ਕਨਾਲ 1 ਮਰਲਾ ਸ਼ਾਮਲਾਤ ਜ਼ਮੀਨ ਬਾਲ ਗੋਪਾਲ ਗਊਸ਼ਾਲਾ ਨੂੰ 33 ਸਾਲਾਂ ਲੀਜ਼ ’ਤੇ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਬਲੌਂਗੀ ਦੀ ਸ਼ਾਮਲਾਤ ਜ਼ਮੀਨ ਸਿੱਧੂ ਭਰਾਵਾਂ ਵੱਲੋਂ ਲੀਜ਼ ’ਤੇ ਲੈਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ ਅਤੇ ਉਹ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਏ ਹਨ। ਇਸ ਸਬੰਧੀ ਉਨ੍ਹਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਹੋ ਚੁੱਕੇ ਹਨ।
ਕੇਸਰ ਸਿੰਘ ਅਤੇ ਵਕੀਲ ਪਰਵਿੰਦਰ ਸਿੰਘ ਨੇ ਦੱਸਿਆ ਕਿ ਬਲੌਂਗੀ ਪਿੰਡ ਅਤੇ ਕਲੋਨੀ ਦੀ ਜ਼ਮੀਨ ਦੀ ਵੰਡ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਿਆ ਪਿਆ ਹੈ। ਪਟੀਸ਼ਨਰ ਮੁਤਾਬਕ ਪਿੰਡ ਬਲੌਂਗੀ ਦੇ ਹਿੱਸੇ 23 ਫੀਸਦੀ ਅਤੇ ਕਲੋਨੀ ਦੇ ਹਿੱਸੇ 77 ਫੀਸਦੀ ਜ਼ਮੀਨ ਆਉਂਦੀ ਹੈ। ਹਾਈ ਕੋਰਟ ਨੇ 2014 ਵਿੱਚ ਬਲੌਂਗੀ ਦੀ ਜ਼ਮੀਨ ਵੇਚਣ ਅਤੇ ਖ਼ਰੀਦਣ ’ਤੇ ਰੋਕ ਲਗਾਈ ਸੀ ਅਤੇ 2015 ਵਿੱਚ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਆਦੇਸ਼ ਜਾਰੀ ਕੀਤੇ ਸਨ ਕਿ ਬਲੌਂਗੀ ਪਿੰਡ ਅਤੇ ਕਲੋਨੀ ਦੀ ਆਬਾਦੀ ਦੇ ਮੁਤਾਬਕ ਸ਼ਾਮਲਾਤ ਜ਼ਮੀਨ ਦੀ ਵੰਡ ਕੀਤੀ ਜਾਵੇ ਪਰ ਅਜਿਹਾ ਨਾ ਹੋ ਸਕਿਆ ਪਰ ਅਦਾਲਤ ਦੇ ਸਟੇਅ ਦੇ ਆਰਡਰ ਬਰਕਰਾਰ ਹਨ। ਇਸ ਦੇ ਬਾਵਜੂਦ ਮੌਜੂਦਾ ਪੰਚਾਇਤ ਨੇ 10 ਏਕੜ ਤੋਂ ਵੱਧ ਜ਼ਮੀਨ ਸਿੱਧੂ ਭਰਾਵਾਂ ਦੀ ਨਿੱਜੀ ਸੰਸਥਾ ਬਾਲ ਗੋਪਾਲ ਗਊ ਬਸੇਰਾ ਵੈਲਫੇਅਰ ਸੁਸਾਇਟੀ’ ਨੂੰ 33 ਸਾਲਾਂ ਲਈ ਲੀਜ਼ ’ਤੇ ਦੇ ਦਿੱਤੀ। ਕੇਸਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਫਿਰ ਤੋਂ ਹਾਈ ਕੋਰਟ ਦਾ ਬੂਹਾ ਖੜਕਾਇਆ।