ਪਰਸ਼ੋਤਮ ਬੱਲੀ
ਬਰਨਾਲਾ, 28 ਸਤੰਬਰ
ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਾਣਾ ਮੰਡੀ ਵਿੱਚ ਕੀਤੀ ਗਈ ਸੂਬਾ ਪੱਧਰੀ ‘ਸਾਮਰਾਜ ਵਿਰੋਧੀ ਕਾਨਫਰੰਸ’ ਕਰਵਾਈ ਗਈ। ਇਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਸਭ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਐਲਾਨ ਕੀਤਾ ਕਿ ਨਾ ਸਿਰਫ਼ ਖੇਤੀ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਸਗੋਂ ਖੇਤੀ ਕਿੱਤੇ ਅਤੇ ਮੁਲਕ ਨੂੰ ਚਿੰਬੜੀਆਂ ਸਾਮਰਾਜੀ ਜੋਕਾਂ ਅਤੇ ਉਨ੍ਹਾਂ ਦੇ ਦੇਸੀ ਜੋਟੀਦਾਰਾਂ ਦੀ ਲੁੱਟ ਤੋਂ ਮੁਕਤੀ ਤੱਕ ਜੱਦੋ-ਜਹਿਦ ਜਾਰੀ ਰੱਖੀ ਜਾਵੇਗੀ।
ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ‘ਭਾਰਤ ਬੰਦ’ ਦੇ ਸੱਦੇ ਨੂੰ ਸਮੂਹ ਪੰਜਾਬੀਆਂ ਵੱਲੋਂ ਦਿੱਤੇ ਭਰਵੇਂ ਹੁੰਗਾਰੇ ਲਈ ਧੰਨਵਾਦ ਕੀਤਾ।
ਇਸ ਮੌਕੇ ਮਹਿਲਾ ਵਿੰਗ ਦੀ ਸੂਬਾਈ ਆਗੂ ਹਰਿੰਦਰ ਬਿੰਦੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ ਤੇ ਪੀਐੱਸਯੂ ਸ਼ਹੀਦ ਰੰਧਾਵਾ ਦੇ ਹੁਸ਼ਿਆਰ ਸਿੰਘ ਸਲੇਮਗੜ੍ਹ, ਅਧਿਆਪਕ ਜਥੇਬੰਦੀ ਡੀਟੀਐੱਫ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਸਣੇ ਹਰਿਆਣਾ ਦੇ ਕਿਸਾਨ ਆਗੂ ਜੋਗਿੰਦਰ ਘਾਸੀ ਰਾਮ ਨੈਣ ਤੇ ਬੀਕੇਯੂ ਏਕਤਾ ਉਗਰਾਹਾਂ ਦੀ ਹਰਿਆਣਾ ਕਮੇਟੀ ਦੇ ਆਗੂ ਮਨਜੀਤ ਸਿੰਘ ਨੇ ਵੀ ਸੰਬੋਧਨ ਕੀਤਾ।
‘ਪਲਸ ਮੰਚ’ ਦੇ ਪ੍ਰਧਾਨ ਅਮੋਲਕ ਸਿੰਘ ਵੱਲੋਂ ਰਚੇ ਗੀਤ ‘ਭਗਤ ਸਿੰਘ ਦਾ ਸੁਨੇਹਾ’ ਉੱਤੇ ਪੀਪਲਜ਼ ਆਰਟ ਥੀਏਟਰ (ਸਤਪਾਲ) ਵੱਲੋਂ ਪੇਸ਼ ਕੋਰੀਓਗ੍ਰਾਫੀ ਰਾਹੀਂ ਕਲਮ, ਕਲਾ ਅਤੇ ਲੋਕ ਸੰਗਰਾਮ ਦੀ ਜੋਟੀ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ ਗਿਆ। ਇਸੇ ਮੰਚ ਦੀਆਂ ਟੀਮਾਂ, ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ, ਅਜਮੇਰ ਅਕਲੀਆ, ਲੋਕ ਸੰਗੀਤ ਮੰਡਲੀ ਧੌਲਾ ਅਤੇ ਲੋਕ ਸੰਗੀਤ ਮੰਡਲੀ ਮਸਾਣੀ ਦੇ ਧਰਮਿੰਦਰ ਮਸਾਣੀ ਨੇ ਲੋਕਪੱਖੀ ਗੀਤ-ਸੰਗੀਤ ਰਾਹੀਂ ਸਾਰਥਕ ਸੁਨੇਹਾ ਦਿੱਤਾ। ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਵੱਲੋਂ ਮੰਚ ਤੋਂ ਪੇਸ਼ ਕੀਤੇ ਮਤਿਆਂ ਨੂੰ ਪੰਡਾਲ ਵੱਲੋਂ ਹੱਥ ਖੜ੍ਹੇ ਕਰ ਕੇ ਪਾਸ ਕਰਵਾਇਆ। ਇਸ ਮੌਕੇ ਚਿੰਤਕ ਡਾ. ਸੁਰਜੀਤ ਲੀਅ, ਜਮਹੂਰੀ ਅਧਿਕਾਰ ਸਭਾ ਦੇ ਸੂਬਾਈ ਆਗੂ ਬੂਟਾ ਸਿੰਘ ਨਵਾਂ ਸ਼ਹਿਰ,ਨਾਟਕਕਾਰ ਅਜਮੇਰ ਸਿੰਘ ਔਲਖ ਦੇ ਪਰਿਵਾਰ ਦੇ ਮੈਂਬਰ ਤੇ ਰੰਗਕਰਮੀ ਬਿੱਟੂ ਮਾਨਸਾ, ਤਰਕਸ਼ੀਲ ਆਗੂ ਰਾਜਿੰਦਰ ਭਦੌੜ, ਅਮਿਤ ਮਿੱਤਰ ਤੇ ਰਾਮ ਸਵਰਨ ਲੱਖੇਵਾਲੀ, ਡਾ. ਮਨਜਿੰਦਰ ਸਿੰਘ ਸਰਾਂ ਤੇ ਕਹਾਣੀਕਾਰ ਅਤਰਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।