ਆਤਿਸ਼ ਗੁਪਤਾ
ਚੰਡੀਗੜ੍ਹ, 30 ਮਈ
ਹਰਿਆਣਾ ਸਰਕਾਰ ਨੇ ਨਗਰ ਨਿਗਮ, ਨਗਰ ਕੌਂਸਲ ਦੀ ਜ਼ਮੀਨ ’ਤੇ ਕਿਰਾਏਦਾਰ ਅਤੇ ਲੀਜ਼ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਨ੍ਹਾਂ ਜ਼ਮੀਨਾਂ ’ਤੇ ਪਿਛਲੇ 20 ਸਾਲਾਂ ਤੋਂ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦਿੱਤਾ ਜਾਵੇਗਾ। ਇਹ ਫ਼ੈਸਲਾ ਹਰਿਆਣਾ ਦੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਦਾ ਨੋਟੀਫਿਕੇਸ਼ਨ ਅੱਜ ਕੀਤਾ ਗਿਆ ਹੈ। ਇਨ੍ਹਾਂ ਮਕਾਨਾਂ ਅਤੇ ਦੁਕਾਨਾਂ ਦੇ ਕਿਰਾਏਦਾਰਾਂ ਨੂੰ ਕੁਲੈਕਟਰ ਰੇਟ ਵਿੱਚ 20 ਤੋਂ 50 ਫ਼ੀਸਦ ਤੱਕ ਦੀ ਛੋਟ ਦਿੱਤੀ ਜਾਵੇਗੀ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ 31 ਦਸੰਬਰ 2020 ਨੂੰ ਨਗਰ ਨਿਗਮ ਜਾਂ ਨਗਰ ਕੌਂਸਲ ਦੀ ਜ਼ਮੀਨ ’ਤੇ ਕਿਰਾਏ, ਲੀਜ਼ ਜਾਂ ਲਾਇਸੈਂਸ ਫ਼ੀਸ ’ਤੇ ਦਿੱਤੇ ਹੋਏ ਜਿਸ ਮਕਾਨ ਜਾਂ ਦੁਕਾਨ ਦੇ 20 ਸਾਲ ਪੂਰੇ ਹੋ ਗਏ ਹਨ। ਉਸ ਨੂੰ ਇਸ ਮੁਹਿੰਮ ਤਹਿਤ ਮਾਲਕਾਨਾ ਹੱਕ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਜਿਹੜੇ ਕਿਰਾਏਦਾਰ ਨੂੰ ਰਹਿੰਦੇ 20 ਸਾਲ ਪੂਰੇ ਹੋ ਗਏ ਉਸ ਨੂੰ ਕੁਲੈਕਟਰ ਰੇਟ ਵਿੱਚ 20 ਫ਼ੀਸਦ ਅਤੇ 50 ਸਾਲ ਵਾਲੇ ਨੂੰ 50 ਫ਼ੀਸਦ ਦੀ ਛੋਟ ਦਿੱਤੀ ਜਾਵੇਗੀ। ਮਾਲਕਾਨਾ ਹੱਕ ਲੈਣ ਦੇ ਚਾਹਵਾਨ ਲੋਕਾਂ ਨੂੰ 15 ਦਿਨਾਂ ਦੇ ਵਿੱਚ-ਵਿੱਚ ਆਪਣੀ 25 ਫ਼ੀਸਦ ਰਾਸ਼ੀ ਜਮ੍ਹਾਂ ਕਰਵਾਉਣੀ ਲਾਜ਼ਮੀ ਹੋਵੇਗੀ, ਜਦਕਿ ਬਾਕੀ 75 ਫ਼ੀਸਦ ਰਾਸ਼ੀ ਤਿੰਨ ਮਹੀਨਿਆਂ ਦੇ ਅੰਦਰ ਅਦਾ ਕਰਨੀ ਪਵੇਗੀ।
ਸ੍ਰੀ ਖੱਟਰ ਨੇ ਦੱਸਿਆ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਖੇਤੀ ਖੇਤਰ ਨੂੰ ਉੱਚਾ ਚੁੱਕਣ ਲਈ ਅਤੇ ਪਾਣੀ ਦੀ ਬਰਬਾਦੀ ਨੂੰ ਘੱਟ ਕਰਨ ਲਈ ਵੀ ਕਈ ਕਾਰਜ ਕਰਨ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਕੁੱਲ 15,006 ਰਜਵਾਹੇ ਹਨ, ਜਿਸ ਵਿੱਚੋਂ 3,512 ਕੱਚੇ ਅਤੇ 11,494 ਪੱਕੇ ਹਨ। ਇਸ ਯੋਜਨਾ ਤਹਿਤ ਪੁਰਾਣੇ ਰਜਵਾਹਿਆਂ ਦੀ ਮੁੜ ਉਸਾਰੀ ਕੀਤੀ ਜਾਣੀ ਹੈ, ਜੋ ਕਿ 31 ਮਾਰਚ 2025 ਤੱਕ ਪੂਰੀ ਹੋਵੇਗੀ। ਇਸ ਤਹਿਤ ਭਾਖੜਾ ਕਨਾਲ ਕਮਾਂਡ ਫੇਸ-2, ਡਬਲਿਊਜੇਸੀ ਕਨਾਲ ਫੇਸ-4 ਅਤੇ ਜੇਐਲਐਨ ਕਨਾਲ ਕਮਾਂਡ-2 ਅਧੀਨ 1,546 ਰਜਵਾਹਿਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਨਾਲ 2,68,625 ਹੈਕਟੇਅਰ ਜ਼ਮੀਨ ’ਤੇ ਸਿੰਜਾਈ ਹੋਵੇਗੀ। ਇਸ ਕੰਮ ਲਈ 3,700 ਕਰੋੜ ਰੁਪਏ ਖਰਚੇ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਲਈ ਕੱਚੇ ਰਸਤਿਆਂ ਨੂੰ ਪੱਕਾ ਕੀਤਾ ਜਾਵੇਗਾ। ਇਸ ਲਈ 475 ਸੜਕਾਂ ਦੀ ਚੋਣ ਕੀਤੀ ਗਈ ਹੈ, ਜਿੱਥੇ 1,225 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ।
ਕਰੋਨਾ ਕਾਰਨ ਅਨਾਥ ਹੋਏ ਬੱਚਿਆਂ ਦੀ ਸੰਭਾਲ ਕਰੇਗੀ ਸਰਕਾਰ
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਹਰਿਆਣਾ ਸਰਕਾਰ ਕਰੋਨਾ ਮਹਾਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੀ ਸੰਭਾਲ ਕਰੇਗੀ। ਉਨ੍ਹਾਂ ਕਿਹਾ ਸਰਕਾਰ ਵੱਲੋਂ ਅਨਾਥ ਬੱਚਿਆਂ ਨੂੰ ਸਕੂਲ ਵਿੱਚ ਮੁਫ਼ਤ ਪੜ੍ਹਾਈ ਕਰਵਾਈ ਜਾਵੇਗੀ। ਇਸ ਤੋਂ ਇਲਾਵਾ 2,500 ਰੁਪਏ ਮਹੀਨਾ ਅਤੇ 12 ਹਜ਼ਾਰ ਰੁਪਏ ਸਾਲਾਨਾ ਦਿੱਤੇ ਜਾਣਗੇ। ਸੂਬਾ ਸਰਕਾਰ ਵੱਲੋਂ ਇਹ ਮਦਦ 18 ਸਾਲ ਦੀ ਉਮਰ ਤੱਕ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ 51 ਹਜ਼ਾਰ ਰੁਪਏ ਦੀ ਐੱਫਡੀ ਕਰਵਾ ਦਿੱਤੀ ਜਾਵੇਗੀ, ਜੋ ਕਿ ਉਨ੍ਹਾਂ ਦੇ ਵਿਆਹ ਮੌਕੇ ਦਿੱਤੇ ਜਾਣਗੇ।