ਨਵਕਿਰਨ ਸਿੰਘ
ਮਹਿਲ ਕਲਾਂ, 2 ਸਤੰਬਰ
ਸਰਕਾਰੀ ਮਿਡਲ ਸਕੂਲ ਧਨੇਰ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਪਿੰਡ ਵਾਸੀਆਂ ਨੇ ਕਿਸਾਨ ਜਥੇਬੰਦੀਆਂ ਅਤੇ ਪੰਚਾਇਤ ਦੀ ਅਗਵਾਈ ਹੇਠ ਸਕੂਲ ਅੱਗੇ ਧਰਨਾ ਦਿੱਤਾ। ਪਿੰਡ ਵਾਸੀਆਂ ਨੇ ਦੱਸਿਆ ਕਿ ਇਸ ਸਮੇਂ ਮਿਡਲ ਸਕੂਲ ’ਚ ਸਿਰਫ ਇੱਕ ਅਧਿਆਪਕਾ ਹੈ ਤੇ ਬਾਕੀ ਅਸਾਮੀਆਂ ਖਾਲ੍ਹੀ ਹਨ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਦੀ ਮੰਗ ਕੀਤੀ।
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਧਨੇਰ ਨੇ ਕਿਹਾ ਕਿ ਇੱਕ ਪਾਸੇ ਤਾਂ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਸਕੂਲਾਂ ਵਿੱਚ ਭਰਤੀ ਕਰਨ ਦੀ ਮੰਗ ਲਈ ਪਿਛਲੇ 8 ਮਹੀਨੇ ਤੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਘੇਰੀ ਬੈਠੇ ਹਨ ਜਦਕਿ ਦੂਜੇ ਪਾਸੇ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਗਰੀਬਾਂ ਦੇ ਬੱਚੇ ਪੜ੍ਹਦੇ ਹਨ ਤੇ ‘ਘਰ ਘਰ ਰੁਜ਼ਗਾਰ’ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਕੈਪਟਨ ਸਰਕਾਰ ਨੇ ਜੇਕਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕੀਤਾ ਹੁੰਦਾ ਤਾਂ ਅੱਜ ਸਰਕਾਰੀ ਸਕੂਲਾਂ ’ਚ ਗਰੀਬ ਵਰਗ ਦੇ ਬੱਚੇ ਅਧਿਆਪਕਾਂ ਤੋਂ ਸੱਖਣੇ ਨਾ ਰਹਿੰਦੇ। ਸਰਪੰਚ ਵੀਰਪਾਲ ਕੌਰ, ਸਕੂਲ ਮੈਨੇਜਮੈਂਟ ਕਮੇਟੀ ਪ੍ਰਧਾਨ ਦੀਪ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਤੇ ਸੁਖਵਿੰਦਰ ਕੌਰ ਨੇ ਕਿਹਾ ਕਿ ਉਹ ਤਾਂ ਚਾਹੁੰਦੇ ਸਨ ਕਿ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇ ਪਰ ਸਰਕਾਰ ਇਸ ਨੂੰ ਵੀ ਬੰਦ ਕਰਨ ਦੇ ਰਾਹ ਤੁਰੀ ਹੋਈ ਹੈ। ਪਿੰਡ ਵਾਸੀਆਂ ਵੱਲੋਂ ਲਗਾਏ ਗਏ ਧਰਨੇ ਉਰਪੰਤ ਜ਼ਿਲ੍ਹਾ ਸਿੱਖਿਆ ਅਫਸਰ (ਸ) ਦੀ ਤਰਫੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲ ਮਾਜਰਾ ਦੇ ਪ੍ਰਿੰਸੀਪਲ ਸੁਨੀਲ ਕੁਮਾਰ ਪਹੁੰਚੇ ਅਤੇ ਉਨ੍ਹਾਂ ਡੀਈਓ ਬਰਨਾਲਾ ਦੀ ਤਰਫੋਂ ਭਰੋਸਾ ਦਿਵਾਇਆ ਕਿ ਸਕੂਲ ਵਿੱਚ ਅਧਿਆਪਕਾਂ ਦੀ ਘਾਟ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ ਜਿਸ ਉਪਰੰਤ ਧਰਨਾ ਚੱਕ ਦਿੱਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਈਟੀਟੀ ਦੀ ਅਸਾਮੀ ਤੋਂ ਪਦਉੱਨਤ ਹੋਏ ਇੱਕ ਅਧਿਆਪਕ ਨੇ ਸਕੂਲ ਵਿੱਚ ਜੁਆਇਨ ਕੀਤਾ ਹੈ।