ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਮਈ
ਅੱਜ ਇਥੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਪਿੰਡ ਬਲਵਾੜ ਕਲਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਖੇਤ ਦਿਵਸ ਮੌਕੇ ਕਰਵਾਏ ਸਾਦੇ ਪ੍ਰੋਗਰਾਮ ’ਚ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਪਿਛਲੇ ਸਾਲ ਸਾਉਣੀ 2020 ਦੋਰਾਨ ਕੋਵਿਡ ਮਹਾਮਾਰੀ ਦੇ ਚੱਲਦੇ ਪਰਵਾਸੀ ਮਜ਼ਦੂਰਾਂ ਦੀ ਘਾਟ ਹੋਣ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਵੱਧ ਤੋ ਵੱਧ ਤਰਜੀਹ ਦਿੱਤੀ ਗਈ ਸੀ ਜੋ ਕਿਸਾਨਾਂ ਲਈ ਬਹੁਤ ਹੀ ਲਾਭਦਾਇਕ ਸਿੱਧ ਹੋਈ ਸੀ। ਜਿਸਦੇ ਨਤੀਜੇ ਵਜੋਂ ਸਾਲ 2020 ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਲਗਪੱਗ 27650 ਹੈਕਟਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸਾਉਣੀ 2021 ਦੌਰਾਨ ਲਗਪੱਗ 1,00,000 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਧਰਤੀ ਹੇਠ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ’ਤੇ ਆਰਥਿਕ ਬੋਝ ਵੀ ਘੱਟ ਪਵੇਗਾ।