ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਸਤੰਬਰ
‘ਆਪ’ ਪੰਜਾਬ ਦੇ ਵਿਧਾਇਕ ਤੇ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਤੋਂ ਪਿਛਲੇ ਮਹੀਨੇ ਸਬ-ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤੀ ਪ੍ਰੀਖਿਆ ਦੌਰਾਨ ਹਾਈਟੈੱਕ ਧੋਖਾਧੜੀ ਮਾਮਲੇ ਦੀ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਦੀ ਭਰਤੀ ਕਰਨੀ ਚਾਹੀਦੀ ਹੈ ਤੇ ਪ੍ਰੀਖਿਆ ’ਚ ਅੜਿੱਕਾ ਪਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਮੀਤ ਹੇਅਰ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਵੱਲੋਂ ਪ੍ਰੀਖਿਆ ਪ੍ਰਕਿਰਿਆ ਨੂੰ ਰੋਕਣ ਦੀ ਕਥਿਤ ਕੋਸ਼ਿਸ਼ਾਂ ਦੇ ਮੱਦੇਨਜ਼ਰ ਸਰਕਾਰ ਨੂੰ ਪ੍ਰੀਖਿਆ ਦੇ ਪ੍ਰਸ਼ਨ ਪੱਤਰਾਂ ਦੇ ਲੀਕ ਹੋਣ ਤੇ ਧੋਖਾਧੜੀ ਖ਼ਿਲਾਫ਼ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।