ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ’ਤੇ ਅੱਜ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਵੱਖ ਵੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਹੈ।
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ. ਏਕੇ ਮਲੇਰੀ, ਜਨਰਲ ਸਕੱਤਰ ਪ੍ਰੋ. ਜਗਮੋਹਨ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ ਸ਼ਾਂਤਮਈ ਤਰੀਕੇ ਨਾਲ ਇਕੱਠੇ ਹੋ ਕੇ ਹਾਕਮ ਜਮਾਤੀ ਪਾਰਟੀਆਂ ਨੂੰ ਉਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਬਾਰੇ ਜਵਾਬਦੇਹ ਬਣਾਉਣ ਅਤੇ ਉਨ੍ਹਾਂ ਦੀਆਂ ਨੀਤੀਆਂ ਬਾਰੇ ਸਵਾਲ ਕਰਨ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ ਕਿਹਾ ਕਿ ਮੋਗੇ ਵਿੱਚ ਕਿਸਾਨਾਂ ਦੇ ਰੋਸ ਵਿਖਾਵੇ ਤੋਂ ਬੁਖਲਾਏ ਅਕਾਲੀਆਂ ਵੱਲੋਂ ਕਿਸਾਨਾਂ ’ਤੇ ਹਮਲਾ ਅਤੇ ਪੁਲੀਸ ਵੱਲੋਂ ਹਮਲਾਵਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਲਈ ਇਕੱਠੇ ਹੋਏ ਕਿਸਾਨਾਂ ’ਤੇ ਬੇਤਹਾਸ਼ਾ ਲਾਠੀਚਾਰਜ ਨਾਗਰਿਕਾਂ ਦੇ ਜਮਹੂਰੀ ਹੱਕ ਦਾ ਘਾਣ ਹੈ। ਉਨ੍ਹਾਂ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਬਠਿੰਡਾ (ਸ਼ਗਨ ਕਟਾਰੀਆ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮੋਗਾ ’ਚ ਪੁਲੀਸ ਵੱਲੋਂ ਕਿਸਾਨਾਂ ’ਤੇ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਰਨਾਲ ਕਾਂਡ ਦੇ ਮੋਗਾ ’ਚ ਦੁਹਰਾਓ ਨੇ ਸਰਮਾਏਦਾਰਾਂ ਤੇ ਸਿਆਸਤਦਾਨਾਂ ਦੀ ਆਪਸੀ ਸਾਂਝ ਨੂੰ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਗਾ ’ਚ ਸ਼ਾਂਤੀਪੂਰਵਕ ਰੋਸ ਪ੍ਰਗਟਾ ਰਹੇ ਕਿਸਾਨਾਂ ’ਤੇ ਪੁਲੀਸ ਨੇ ਵਹਿਸ਼ੀ ਜ਼ੁਲਮ ਢਾਹਿਆ। ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਮੁੱਚੇ ਰਾਜਨੀਤਕ ਦਲ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਕਰ ਕੇ, ਕਿਸਾਨੀ ਘੋਲ ’ਚ ਕਿਸਾਨਾਂ ਦਾ ਸਾਥ ਦੇਣ। ਆਗੂਆਂ ਨੇ ਸਰਕਾਰ ਤੋਂ ਮੋਗਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਜਬਰ-ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੰਜਾਬ ਪੁਲੀਸ ਦਾ ਵਤੀਰਾ ਗੈਰ-ਸੰਵਿਧਾਨਕ ਕਰਾਰ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਅੱਜ ਮੋਗਾ ਵਿੱਚ ਪੁਰਅਮਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਪੁਲੀਸ ਤਸ਼ੱਦਦ ਦੀ ਸਖਤ ਨਿਖੇਧੀ ਕੀਤੀ ਹੈ ਅਤੇ ਇਸ ਕਾਰਵਾਈ ਨੂੰ ਗੈਰ ਸੰਵਧਾਨਿਕ ਅਤੇ ਗੈਰ ਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਵਾਲ ਕਰਦੇ ਕਿਸਾਨਾਂ ’ਤੇ ਪਾਣੀ ਦੀਆਂ ਬੁਛਾੜਾਂ ਅਤੇ ਅੰਨ੍ਹੇਵਾਹ ਲਾਠੀਚਾਰਜ ਸੁਪਰੀਮ ਕੋਰਟ ਵੱਲੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਕਾਨੂੰਨੀ ਅਤੇ ਜਾਇਜ਼ ਠਹਿਰਾਉਣ ਦੇ ਦਿੱਤੇ ਫ਼ੈਸਲਿਆਂ ਦਾ ਉਲੰਘਣ ਹੈ। ਉਨ੍ਹਾਂ ਕਿਸਾਨਾਂ ’ਤੇ ਤਸ਼ੱਦਦ ਕਰਨ ਵਾਲੇ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਕਬਜ਼ੇ ਵਿੱਚ ਲਏ ਵਾਹਨ ਅਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚਾ ਟਿਕਰੀ ਦੀ ਪਰਸ਼ੋਤਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਰਸ਼ਨ ਸਿੰਘ ਜਟਾਣਾ ਨੇ ਮੋਗਾ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ਇਸ ਮੌਕੇ ਮਾਸਟਰ ਬੂਟਾ ਚਿਮਨੇਵਾਲਾ ਅਤੇ ਸੁਰਿੰਦਰ ਢੰਡੀਆ ਨੇ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਨੋਟਿਸ ਭੇਜਣਾ ਮੰਦਭਾਗਾ ਵਰਤਾਰਾ ਹੈ।