ਜਸਵੀਰ ਸਿੰਘ ਭੁੱਲਰ
ਦੋਦਾ, 22 ਦਸੰਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਦੋਦਾ ਪਿੰਡ ਦੀ ਦਾਣਾ ਮੰਡੀ ਵਿੱਚ ਜਨਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਵਿੱਚੋਂ ਨਸ਼ੇ ਦੇ ਕੋਹੜ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਦੁਹਰਾਇਆ ਕਿ ਮਜੀਠੀਆ ਦੇ ਕੇਸ ਵਿਚ ਕੋਈ ਸਿਆਸੀ ਬਦਲਾਖੋਰੀ ਨਹੀਂ ਕੀਤੀ ਜਾ ਰਹੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਗਿੱਦੜਬਾਹਾ ਹਲਕੇ ਦੇ ਵਿਕਾਸ ਲਈ 5 ਕਰੋੜ ਰੁਪਏ ਦੇਣ ਦਾ ਐਲਾਨ ਕਰਨ ਦੇ ਨਾਲ ਨਾਲ ਦੋਦਾ ਪਿੰਡ ਦੇ ਹਸਪਤਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ ਤੇ ਪੀਆਰਟੀਸੀ ਦੇ ਸਬ ਡਿਪੂ ਦਾ ਦੌਲਾ ਵਿੱਚ ਅਤੇ ਗਿੱਦੜਬਾਹਾ ਦੇ ਨਵੇਂ ਬਣਨ ਵਾਲੇ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ। ਬਿਕਰਮ ਮਜੀਠੀਆ ਤੋਂ ਲਿਖਤੀ ਮੁਆਫੀ ਮੰਗਣ ਲਈ ਅਤੇ ਮਜੀਠੀਆ ’ਤੇ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ਨੂੰ ਵਾਪਿਸ ਲੈਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਦੇ ਇਨ੍ਹਾਂ ਲੀਡਰਾਂ ਨੂੰ ਹੁਣ ਪੰਜਾਬ ਦੇ ਲੋਕਾਂ ਤੋਂ ਮਜੀਠੀਆ ਨਾਲ ਨਿਭਾਈ ਆਪਣੀ ਲੁਕਵੀਂ ਸਾਂਝ ਲਈ ਮੁਆਫੀ ਮੰਗਣੀ ਚਾਹੀਦੀ ਹੈ।
ਇਸ ਮੌਕੇ ਬੋਲਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਰਾਜ ਸਮੇਂ ਪਨਪੇ ਟਰਾਂਸਪੋਰਟ ਮਾਫੀਆ ਨੂੰ ਖਤਮ ਕੀਤਾ ਗਿਆ ਹੈ। ਉਨ੍ਹਾਂ ਨੇ ਆਖਿਆ ਕਿ ਲੋਕ ਮਨਾਂ ਵਿੱਚੋਂ ਬਾਦਲ ਪਰਿਵਾਰ ਦਾ ਡਰ ਬਹੁਤ ਹੱਦ ਤੱਕ ਘਟ ਗਿਆ ਹੈ ਅਤੇ ਜੇਕਰ ਉਨ੍ਹਾਂ ਨੂੰ ਇਕ ਹੋਰ ਮੌਕਾ ਦਿੱਤਾ ਜਾਵੇ ਤਾਂ ਇਹ ਡਰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਆਪਣੇ ਹਲਕੇ ਦੇ ਲੋਕਾਂ ਦਾ ਵੱਡੀ ਗਿਣਤੀ ਵਿੱਚ ਇਸ ਸਾਮਗਮ ਵਿੱਚ ਪਹੁੰਚਣ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਵੀ ਇਲਾਕੇ ਲਈ ਫੰਡ ਜਾਰੀ ਕਰਨ ਲਈ ਸ਼ੁਕਰੀਆ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਅਤੇ ਐੱਸਐੱਸਪੀ ਸਰਬਜੀਤ ਸਿੰਘ ਵੀ ਹਾਜ਼ਰ ਸਨ।