ਦੇਵਿੰਦਰ ਸਿੰਘ ਜੱਗੀ
ਪਾਇਲ, 5 ਜੁਲਾਈ
ਜੰਗ-ਏ-ਆਜ਼ਾਦੀ ਦੇ ਮੁੱਢਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦਾ ਸ਼ਹੀਦੀ ਦਿਹਾੜਾ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਉਨ੍ਹਾਂ ਦੇ ਜੱਦੀ ਪਿੰਡ ਰੱਬੋਂ ਵਿੱਚ ਮਨਾਇਆ ਗਿਆ। ਤਿੰਨ ਰੋਜ਼ਾ ਸਮਾਗਮ ਦੌਰਾਨ ਬਾਬਾ ਮਹਾਰਾਜ ਸਿੰਘ ਦੀ ਯਾਦ ਨੂੰ ਤਾਜ਼ਾ ਕੀਤਾ ਗਿਆ। ਬਾਬਾ ਭੁਪਿੰਦਰ ਸਿੰਘ ਜਰਗ ਵਾਲਿਆਂ ਨੇ ਸ਼ਹੀਦ ਮਹਾਰਾਜ ਸਿੰਘ ਦੇ ਜੀਵਨ, ਜੇਲ੍ਹ ਵਿੱਚ ਉਨ੍ਹਾਂ ਵੱਲੋਂ ਬਿਤਾਏ ਸਮੇਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਤ ਹਰਨੇਕ ਸਿੰਘ ਲੰਗਰਾਂ ਵਾਲੇ, ਸੰਤ ਰਜਨੀਸ਼ ਸਿੰਘ ਨੱਥੂਮਾਜਰਾ, ਬਾਬਾ ਦਰਸ਼ਨ ਸਿੰਘ ਭੀਖੀ ਤੇ ਭਾਈ ਬਲਦੇਵ ਸਿੰਘ ਰਾੜਾ ਸਾਹਿਬ ਆਦਿ ਮਹਾਂਪੁਰਖਾਂ ਨੇ ਸ਼ਮੂਲੀਅਤ ਕੀਤੀ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਨੇ ਵੀ ਬਾਬਾ ਮਹਾਰਾਜ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਰਾਜ ਪੱਧਰੀ ਸਮਾਗਮ ਨਾ ਕਰਵਾਉਣ ’ਤੇ ‘ਆਪ’ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ‘ਆਪ’ ਦਾ ਉਹ ਬਦਲਾਅ ਦਿਖਾਈ ਦੇ ਰਿਹਾ ਹੈ, ਜਦੋਂ ਸਰਕਾਰ ਸ਼ਹੀਦਾਂ ਨੂੰ ਭੁੱਲ ਕੇ ਆਪਣੇ ਮੰਤਰੀਆਂ ਦੇ ਸਹੁੰ ਚੁੱਕ ਸਮਾਗਮਾਂ ਵਿੱਚ ਰੁੱਝੀ ਰਹੀ। ਇਸ ਦੌਰਾਨ ਸਰਪੰਚ ਬਲਜੀਤ ਕੌਰ ਦੇ ਪਤੀ ਤੇਜਿੰਦਰ ਸਿੰਘ ਨੇ ਦੱਸਿਆ ਕਿ ਗਰਾਮ ਪੰਚਾਇਤ ਨੇ ਇੱਕ ਲਿਖਤੀ ਪੱਤਰ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਰਾਹੀਂ ਪੰਜਾਬ ਸਰਕਾਰ ਨੂੰ ਦੇ ਕੇ ਅਪੀਲ ਕੀਤੀ ਸੀ ਕਿ ਹਰ ਸਾਲ ਦੀ ਤਰ੍ਹਾਂ 5 ਜੁਲਾਈ ਨੂੰ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇ, ਪਰ ‘ਆਪ’ ਸਰਕਾਰ ਵੱਲੋਂ ਸਮਾਗਮ ਤਾਂ ਕਰਵਾਉਣ ਦੂਰ ਇੱਥੇ ਕੋਈ ਸਰਕਾਰੀ ਅਧਿਕਾਰੀ ਜਾਂ ਸਰਕਾਰ ਦਾ ਨੁਮਾਇੰਦਾ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਅਜਿਹਾ ਵਰਤਾਰਾ ਸਰਕਾਰ ਦਾ ਸ਼ਹੀਦਾਂ ਪ੍ਰਤੀ ਸਤਿਕਾਰ ਸਾਬਤ ਕਰਦਾ ਹੈ। ਜ਼ਿਕਰਯੋਗ ਹੈ ਕਿ 1972 ਤੋਂ ਮਨਾਏ ਜਾ ਰਹੇ ਸੂਬਾ ਪੱਧਰੀ ਸਮਾਗਮ ਨੂੰ ਇਸ ਵਾਰ ‘ਆਪ’ ਸਰਕਾਰ ਵੱਲੋਂ ਨਾ ਮਨਾਏ ਜਾਣ ਕਾਰਨ ਪਿੰਡ ਤੇ ਇਲਾਕਾ ਵਾਸੀਆਂ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ।
ਵਿਧਾਇਕ ਗਿਆਸਪੁਰਾ ਤੇ ਐੱਸਡੀਐੱਮ ਨੇ ਸ਼ਾਮ ਛੇ ਵਜੇ ਭੇਟ ਕੀਤੀ ਸ਼ਰਧਾਂਜਲੀ
ਅੱਜ ਸ਼ਾਮ 6 ਵਜੇ ਦੇ ਕਰੀਬ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਐੱਸਡੀਐੱਮ ਪਾਇਲ ਦੀਪਜੋਤ ਕੌਰ ਨੇ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਵਿਖੇ ਨਤਮਸਤਕ ਹੋ ਕੇ ਸ਼ਹੀਦ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਵਿਧਾਇਕ ਗਿਆਸਪੁਰਾ ਨੇ ਬਾਬਾ ਮਹਾਰਾਜ ਸਿੰਘ ਦੇ ਬੁੱਤ ਦੇ ਆਲੇ-ਦੁਆਲੇ ਚਾਰਦੀਵਾਰੀ ਕਰਵਾਉਣ ਦਾ ਐਲਾਨ ਕੀਤਾ।