ਪਾਲ ਸਿੰਘ ਨੌਲੀ
ਜਲੰਧਰ, 15 ਫਰਵਰੀ
ਵਾਤਾਵਰਨ ਦੇ ਮੁੱਦੇ ਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਹਲਕਾ ਸੁਲਤਾਨਪੁਰ ਲੋਧੀ ਦੇ 5 ਉਮੀਦਵਾਰਾਂ ਨੇ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਹਾਜ਼ਰੀ ਵਿਚ ਵਾਅਦਾ ਕੀਤਾ ਕਿ ਜੇਕਰ ਉਹ ਜਿੱਤ ਕੇ ਵਿਧਾਇਕ ਬਣਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਬਾਬੇ ਨਾਨਕ ਦੀ ਵੇਈਂ ਵਿਚ ਪੈ ਰਹੇ ਗੰਦੇ ਪਾਣੀਆਂ ਨੂੰ ਰੋਕਣ ਲਈ ਕੰਮ ਕਰਨਗੇ। ਪਵਿੱਤਰ ਕਾਲੀਂ ਵੇਈਂ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਹੋਏ ਇਕੱਠ ਦੌਰਾਨ ਹਲਕੇ ਦੇ ਸਾਰੇ ਉਮੀਦਵਾਰਾਂ ਨੂੰ ਲੋਕਾਂ ਦੇ ਜੀਵਨ ਨਾਲ ਜੁੜੇ ਅਹਿਮ ਮੁੱਦੇ ਵਾਤਾਵਰਨ ਤੇ ਬਣਾਈ ਗਈ ਰਣਨੀਤੀ ਬਾਰੇ ਆਪਣਾ ਪੱਖ ਰੱਖਣ ਲਈ ਸੱਦਾ ਦਿੱਤਾ ਗਿਆ ਸੀ।
ਇਸ ਇਕੱਠ ਦੌਰਾਨ ਹਲਕਾ ਸੁਲਤਾਨਪੁਰ ਲੋਧੀ ਤੋਂ ਚੋਣਾਂ ਲੜ ਰਹੇ ਉਮੀਦਵਾਰਾਂ ਵਿੱਚੋਂ ਆਮ ਆਦਮੀ ਪਾਰਟੀ ਤੋਂ ਸੱਜਣ ਸਿੰਘ ਚੀਮਾ, ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ, ਸੰਯੁਕਤ ਸਮਾਜ ਮੋਰਚੇ ਤੋਂ ਹਰਪ੍ਰਿਤਪਾਲ ਸਿੰਘ ਵਿਰਕ, ਇਨਸਾਨੀਅਤ ਲੋਕ ਵਿਕਾਸ ਪਾਰਟੀ ਕਿਸਾਨ ਦਲ ਵੱਲੋਂ ਸਰਦੂਲ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਜੁਗਰਾਜਪਾਲ ਸਿੰਘ ਸਾਹੀ ਹਾਜ਼ਰ ਹੋਏ। ਉਮੀਦਵਾਰਾਂ ਦਾ ਕਹਿਣਾ ਹੈ ਕਿ ਵਾਤਾਵਰਨ ਦਾ ਮੁੱਦਾ ਬਹੁਤ ਗੰਭੀਰ ਹੈ ਤੇ ਇਸ ਸਬੰਧੀ ਸੰਜੀਦਗੀ ਨਾਲ ਕੰਮ ਕਰਨ ਦੀ ਲੋੜ ਹੈ।