ਪੱਤਰ ਪ੍ਰੇਰਕ
ਮਾਨਸਾ, 23 ਅਕਤੂਬਰ
ਸਿਹਤ ਵਿਭਾਗ ਮਾਨਸਾ ਦੀ ਟੀਮ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਵੱਡੀ ਮਾਤਰਾ ’ਚ ਬਣਨ ਵਾਲੇ ਖਾਧ ਪਦਾਰਥਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਅਮਰਿੰਦਰ ਸਿੰਘ ਅਤੇ ਸੀਮਾ ਰਾਣੀ ਵੱਲੋਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੁਕਾਨਦਾਰਾਂ ਨੂੰ ਸਾਫ-ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਅਤੇ ਖਾਣ-ਪੀਣ ਦੀਆਂ ਵਸਤਾਂ ਨੂੰ ਢੱਕ ਕੇ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਿਠਾਈਆਂ ਬਣਾਉਣ ਸਮੇਂ ਸਿੰਥੈਟਿਕ ਦੁੱਧ ਦੀ ਵਰਤੋਂ ਨਾ ਕੀਤੀ ਜਾਵੇ, ਜਿਸ ਦੇ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਮਿਆਦ ਲੰਘ ਚੁੱਕੀਆਂ ਵਸਤਾਂ ਨੂੰ ਬਾਜ਼ਾਰ ਵਿਚ ਵੇਚਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਦੁਕਾਨਦਾਰ ਮਿਲਾਵਟੀ ਚੀਜ਼ਾਂ ਵੇਚਦਾ ਪਾਇਆ ਗਿਆ ਤਾਂ ਅਜਿਹੇ ਦੁਕਾਨਦਾਰਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।